
ਮਾਲੇਰਕੋਟਲਾ, 24 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ।
ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿੱਚ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀਏਪੀ ਖਾਦ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਕ ਕੀਤੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਦੇ ਰਹਿਣ।