Sunday, November 9Malwa News
Shadow

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ

ਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ (        ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਜੀਂਦੜ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਕੀਤੀ ਗਈ।

ਇਸ ਮੌਕੇ ਹਾਜ਼ਰ ਕਿਸਾਨਾਂ ਨਾਲ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਲੱਗਦੀ ਅੱਗ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਤਰ੍ਹਾਂ ਵੀ ਲਾਹੇਵੰਦਾ ਨਹੀਂ ਹੈ ਇਸ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਅੱਗ ਲਗਾਉਣ ਨਾਲ ਜ਼ਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਮਦਦ ਨਾਲ ਅਸਾਨੀ ਨਾਲ ਫ਼ਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਨਿਪਟਾਉਣ ਦੇ ਨਾਲ ਨਾਲ ਇਸ ਦੀਆਂ ਗੰਢਾ ਬਣਾ ਕੇ ਵਪਾਰਿਕ ਤਰੀਕੇ ਨਾਲ ਵੀ ਇਸ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨ ਇਨ ਸੀਟੂ ਤਕਨੀਕ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਨ ਤਾਂ ਜੋ ਮਿੱਟੀ ਦੇ ਤੱਤ ਨਸ਼ਟ ਨਾ ਹੋ ਸਕਣ ਅਤੇ ਮਿੱਟੀ ਦੀ ਗੁਣਵੱਤਾ ਬਣੀ ਰਹੇ।