Tuesday, September 23Malwa News
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ:

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ।

ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ‘ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ  ਵਾਤਾਵਰਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ ਵਲੋਂ ਵੀ ਸੰਬੋਧਨ ਕੀਤਾ ਗਿਆ।

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਮੁਹਿੰਮ ਵਿਚ ਵਣ ਵਿਭਾਗ, ਪੰਜਾਬ ਅਤੇ ਵੱਖ-ਵੱਖ ਗੈਰਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੂਰੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ।