Friday, November 7Malwa News
Shadow

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਉਨ੍ਹਾਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ  ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਸ਼ਹਿਰ ਵਾਸੀਆਂ ਨੇ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਮਹੱਤਵਪੂਰਣ ਕਦਮ ਦੱਸਿਆ।