
ਹੁਸ਼ਿਆਰਪੁਰ, 10 ਅਕਤੂਬਰ :- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਬਹੁਤ ਚਿੰਤਾਜਨਕ ਹੈ, ਕਿਉਂਕਿ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਦਲਿਤ ਅਧਿਕਾਰੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਨਾ ਸਿਰਫ਼ ਲੋਕਤੰਤਰ ਲਈ ਖ਼ਤਰਾ ਹੈ, ਸਗੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ ‘ਤੇ ਵੀ ਹਮਲਾ ਹੈ। ਡਾ. ਰਵਜੋਤ ਸਿੰਘ ਅੱਜ ਆਪਣੇ ਦਫ਼ਤਰ ਵਿਖੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਰਤ ਦੇ ਮਾਨਯੋਗ ਚੀਫ਼ ਜਸਟਿਸ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਪਰੀਮ ਕੋਰਟ, ਸੰਵਿਧਾਨ ਅਤੇ ਦਲਿਤ ਭਾਈਚਾਰੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਦੇਸ਼ ਦੀ ਸਰਵਉੱਚ ਨਿਆਂਇਕ ਸੰਸਥਾ ਦੇ ਮੁਖੀ ਦਾ ਅਦਾਲਤ ਵਿਚ ਅਪਮਾਨ ਕੀਤਾ ਗਿਆ, ਤਾਂ ਭਾਜਪਾ ਆਗੂਆਂ ਅਤੇ ਸਰਕਾਰਾਂ ਨੇ ਚੁੱਪੀ ਬਣਾਈ ਰੱਖੀ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਭਾਜਪਾ ਦੀ ਖ਼ਤਰਨਾਕ ਮਾਨਸਿਕਤਾ ਦਾ ਪਰਦਾਫਾਸ਼ ਕੀਤਾ ਹੈ, ਜੋ ਦੇਸ਼ ਵਿਚ ਦਲਿਤ ਵਿਰੋਧੀ ਮਾਹੌਲ ਬਣਾਉਣ ਦੀ ਸਾਜ਼ਿਸ਼ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮ ਲਗਾਤਾਰ ਨਫ਼ਰਤ ਫੈਲਾ ਰਹੇ ਹਨ ਅਤੇ ਦੇਸ਼ ਦੀ ਸਮਾਜਿਕ ਏਕਤਾ ਨੂੰ ਕਮਜ਼ੋਰ ਕਰ ਰਹੇ ਹਨ, ਜੋ ਸਿੱਧੇ ਤੌਰ ‘ਤੇ ਭਾਜਪਾ ’ਤੇ ਸੰਦੇਸ਼ ਜ਼ਾਹਰ ਕਰਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਇਸ ਮੁੱਦੇ ‘ਤੇ ਕਾਨੂੰਨੀ ਅਤੇ ਸਮਾਜਿਕ ਪੱਧਰ ‘ਤੇ ਇੱਕ ਵਿਆਪਕ ਰਣਨੀਤੀ ਤਿਆਰ ਕਰ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਪਾਰਟੀ ਇਸ ਮੁੱਦੇ ‘ਤੇ ਇੱਕ ਜਨਤਕ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕਰੇਗੀ ਤਾਂ ਜੋ ਇਹ ਸੰਦੇਸ਼ ਜਾਵੇ ਕਿ ਨਿਆਂ ਅਤੇ ਸਮਾਨਤਾ ’ਤੇ ਕੋਈ ਆਂਚ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਇਸੇ ਤਰ੍ਹਾਂ ਦੀ ਇਕ ਹੋਰ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਸੀਨੀਅਰ ਆਈ.ਪੀ.ਐਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ। ਜਾਂਚ ਵਿਚ ਸਾਹਮਣੇ ਆਇਆ ਕਿ ਸੁਸਾਈਡ ਨੋਟ ਤੋਂ ਸਪੰਸ਼ਟ ਹੋਇਆ ਹੈ ਕਿ ਅਧਿਕਾਰੀ ਨੂੰ ਉਸ ਦੀ ਜਾਤੀ ਦੇ ਆਧਾਰ ’ਤੇ ਤਰੱਕੀ, ਏ.ਸੀ.ਆਰ ਅਤੇ ਪੋਸਟਿੰਗ ਵਿਚ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪਿਆ। ਡਾ. ਰਵਜੋਤ ਨੇ ਕਿਹਾ ਕਿ ਇਹ ਘਟਨਾ ਭਾਰਤੀ ਸਮਾਜ ‘ਤੇ ਇਕ ਧੱਬਾ ਹੈ ਅਤੇ ਭਾਜਪਾ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਹੈ ਕਿ ਦੋਵੇਂ ਘਟਨਾਵਾਂ ਦਿੱਲੀ ਵਿਚ ਅਦਾਲਤ ਵਿਚ ਚੀਫ਼ ਜਸਟਿਸ ਦਾ ਅਪਮਾਨ ਅਤੇ ਹਰਿਆਣਾ ਵਿੱਚ ਇੱਕ ਦਲਿਤ ਅਧਿਕਾਰੀ ਦੀ ਖੁਦਕੁਸ਼ੀ, ਭਾਜਪਾ ਸ਼ਾਸਿਤ ਰਾਜਾਂ ਵਿਚ ਵਾਪਰੀਆਂ, ਪਰੰਤੂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ।
ਡਾ. ਰਵਜੋਤ ਸਿੰਘ ਨੇ ਦੋ ਟੁੱਕ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ‘ਤੇ ਹਮਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਹਰ ਪੱਧਰ ‘ਤੇ ਆਪਣੀ ਆਵਾਜ਼ ਬੁਲੰਦ ਕਰਾਂਗੇ ਅਤੇ ਅਜਿਹੇ ਮਾਮਲਿਆਂ ਵਿਚ ਨਿਆਂ ਯਕੀਨੀ ਬਣਾਵਾਂਗੇ। ਇਸ ਮੌਕੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਅਤੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੇ ਐਸ.ਸੀ ਵਿੰਗ ਦੇ ਇੰਚਾਰਜ ਜਯਾਵੰਤੀ, ਤਰਸੇਮ ਅਤੇ ਹੈਪੀ ਕਲੇਰ ਵੀ ਮੌਜੂਦ ਸਨ।