Friday, November 7Malwa News
Shadow

ਸ਼ਹੀਦੀ ਵਰੇਗੰਢ ਨੂੰ ਸਮਰਪਿਤ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਤੇ ਗੁਰਦਾਸਪੁਰ ਤੋਂ ਨਿਕਲਣਗੇ ਨਗਰ ਕੀਰਤਨ-ਹਰਜੋਤ ਬੈਂਸ

ਫਰੀਦਕੋਟ 11 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਦੀ 350ਵੀਂ ਵਰੇਗੰਢ ਨੂੰ ਸਮਰਪਿਤ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਤੇ ਆਯੋਜਿਤ ਕੀਤੇ ਜਾਣ ਵਾਲੇ ਵੱਖ ਵੱਖ ਧਾਰਮਿਕ ਸਮਾਗਮਾਂ, ਨਗਰ ਕੀਰਤਨਾਂ ਲਾਈਟ ਐਂਡ ਸਾਊਂਡ ਸਾਊਂਡ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਰੀਵਿਊ ਮੀਟਿੰਗ ਡੀ.ਸੀ. ਦਫਤਰ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਸ. ਹਰਜੋਤ ਸਿੰਘ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰੇਗੰਢ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ। ਜਿਸ ਸਬੰਧ ਵਿੱਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣੇ ਹਨ। ਇਹ ਸਮਾਗਮ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਆਦਿ ਸ਼ਹੀਦਾਂ ਨੂੰ ਵੀ ਸਮਰਪਿਤ ਹੋਣਗੇ।

ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਗੁਰੂਦੁਆਰਾ ਛਟੀ ਪਾਤਸ਼ਾਹੀ ਸ੍ਰੀਨਗਰ ਵਿਖੇ ਸਮਾਗਮ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੂਰੇ ਦੇਸ਼ ਤੋਂ ਸੰਤ ਪੁਰਸ਼ ਸ਼ਿਰਕਤ ਕਰਨਗੇ। 19 ਨਵੰਬਰ ਨੂੰ ਗੁਰੂਦੁਆਰਾ ਛਟੀ ਪਾਤਸ਼ਾਹੀ ਸ੍ਰੀਨਗਰ ਤੋਂ ਨਗਰ ਕੀਰਤਨ ਚੱਲੇਗਾ ਜੋ ਵੱਖ ਵੱਖ ਥਾਵਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਇਸੇ ਤਰ੍ਹਾਂ ਇੱਕ ਨਗਰ ਕੀਰਤਨ ਬਾਬਾ ਫਰੀਦ ਜੀ ਦੀ ਵਰਸੋਈ ਤੇ ਪਵਿੱਤਰ ਧਰਤੀ ਫਰੀਦਕੋਟ ਸ਼ਹਿਰ ਤੋਂ ਚੱਲੇਗਾ ਜੋ ਫਿਰੋਜ਼ਪੁਰ, ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਇਸੇ ਤਰ੍ਹਾਂ ਤੀਜਾ ਨਗਰ ਕੀਰਤਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲੇਗਾ ਅਤੇ ਚੋਥਾ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਅਨੰਦਪੁਰ ਸਾਹਿਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਚਾਰੇ ਨਗਰ ਕੀਰਤਨ ਪੰਜਾਬ ਦੇ ਜਿਆਦਾਤਰ ਹਿੱਸਿਆ ਨੂੰ ਕਵਰ ਕਰਨਗੇ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਦਰਸਾਊਂਦੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਫਰੀਦਕੋਟ ਵਿਖੇ ਆਯੋਜਿਤ ਕੀਤਾ ਜਾਵੇਗਾ ਤੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਵੀ ਕਰਵਾਏ ਜਾਣਗੇ, ਜਿਸ ਵਿੱਚ ਹਾਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਸ਼ਿਰਕਤ ਕਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੀਆਂ ਤਿਆਰੀਆਂ ਡਿਊਟੀ ਦੇ ਨਾਲ ਨਾਲ ਸੇਵਾ ਸ਼ਰਧਾ ਦੀ ਭਾਵਨਾ ਨਾਲ ਮੁਕੰਮਲ ਕਰਵਾਈਆਂ ਜਾਣ ਤੇ ਇਨ੍ਹਾਂ ਕੰਮਾਂ ਵਿੱਚ ਧਾਰਮਿਕ ਰਹਿਤ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰ ਸ. ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਐਡਵਾਈਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ ਹੈ ਜਿਸ ਦੀ ਮਿਸਾਲ ਦੁਨੀਆਂ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਤਾਂ ਸ਼ਹਾਦਤ ਦੇ ਕੇ ਸਰਬ ਸਾਂਝੀਵਾਲਤਾ ਤੇ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਿਆ, ਉੱਥੇ ਹੀ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ, ਧਰਮਪਤਨੀ ਮਾਤਾ ਗੁੱਜਰ ਕੌਰ, ਪੋਤੇ ਚਾਰੇ ਸਾਹਿਬਜਾਦੇ ਵੀ ਦੇਸ਼ ਤੇ ਕੌਮ ਲਈ ਕੁਰਬਾਨ ਕੀਤੇ, ਜਿੰਨਾ ਨੂੰ ਯਾਦ ਰੱਖਣਾ ਤੇ ਆਉਣ ਵਾਲੀ ਪੀੜ੍ਹੀ ਨੂੰ ਯਾਦ ਕਰਵਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਦੇਸ਼ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਧਰਮ ਤੇ ਜਾਤੀ ਨੂੰ ਪਿੱਛੇ ਛੱਡਦੇ ਹੋਏ ਗੁਰੂ ਸਾਹਿਬਾਨ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ/ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਸ਼ੀਰਵਾਦ ਪ੍ਰਾਪਤ ਕਰੋ।

ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ ਨੂੰ ਫਰੀਦਕੋਟ ਪਹੁੰਚਣ ਤੇ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਕੇ ਇਸ ਨੂੰ ਸ਼ਰਧਾ ਨਾਲ ਮਨਾਉਣ ਤਾਂ ਜੋ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਦੇਸ਼ ਦੁਨੀਆਂ ਦੇ ਲੋਕਾਂ ਤੇ ਨੋਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਮੰਤਰੀ ਸਹਿਬਾਨਾਂ/ਅਧਿਕਾਰੀਆਂ ਦਾ ਫਰੀਦਕੋਟ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਫਰੀਦਕੋਟ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਤੇ ਫਰੀਦਕੋਟ ਵਿਖੇ ਸੰਗਤਾਂ ਲਈ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਵੀ ਹੋਵੇਗਾ।

ਇਸ ਮੌਕੇ ਜੀ.ਏ. ਸ. ਗੁਰਕਿਰਨਦੀਪ ਸਿੰਘ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਸ. ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਫਰੀਦਕੋਟ, ਸੁਖਜੀਤ ਸਿੰਘ ਢਿੱਲਵਾਂ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਸ. ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।