Saturday, November 8Malwa News
Shadow

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਰਾਜਾ ਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ, ਵਾਸੀ ਪਿੰਡ ਧਾਰੀਵਾਲ, ਅੰਮ੍ਰਿਤਸਰ ਅਤੇ ਕਰਨਬੀਰ ਸਿੰਘ, ਵਾਸੀ ਪਿੰਡ ਸੈਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਵਿਦੇਸ਼ੀ .30 ਬੋਰ ਪੀਐਕਸ5 ਪਿਸਤੌਲ, ਇੱਕ .30 ਬੋਰ ਪਿਸਤੌਲ, ਇੱਕ ਵਿਦੇਸ਼ੀ .45 ਬੋਰ ਪਿਸਤੌਲ, ਇੱਕ .32 ਬੋਰ ਪਿਸਤੌਲ, ਇੱਕ ਰਿਵਾਲਵਰ ਅਤੇ 20 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਜਾਣਕਾਰੀ ਅਨੁਸਾਰ, 1 ਨਵੰਬਰ, 2025 ਨੂੰ ਤਕਰੀਬਨ ਸ਼ਾਮ 7 ਵਜੇ ਮਲਕੀਤ ਸਿੰਘ ਆਪਣੇ ਪਿੰਡ ਧਾਰੀਵਾਲ ਵਿਖੇ ਆਪਣੇ ਪਿਤਾ ਨਾਲ ਖੇਤਾਂ ਵਿੱਚ ਕਣਕ ਬੀਜ ਰਿਹਾ ਸੀ, ਜਦੋਂ ਦੋ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਗੰਭੀਰ ਜਖ਼ਮੀ ਹੋਣ ਕਾਰਨ ਮਲਕੀਤ ਸਿੰਘ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਤ ਹੈ ਅਤੇ ਉਸਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ‘ਤੇ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ ਧਾਰਮਿਕ ਸਥਾਨ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਵੀ ਸ਼ਾਮਲ ਸੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ, ਦੋਸ਼ੀ ਬਿਕਰਮਜੀਤ ਨੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਮੰਗਵਾਏ ਸਨ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਐਸਪੀ ਮਨਿੰਦਰ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਦੋਸ਼ੀ ਬਿਕਰਮਜੀਤ ਨੂੰ ਪਿੰਡ ਧਾਰੀਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਿਕਰਮ ਦੇ ਖੁਲਾਸੇ ਉਪਰੰਤ ਦੋਸ਼ੀ ਕਰਨਬੀਰ ਨੂੰ ਕੁਕਰਾਂਵਾਲਾ ਨੇੜੇ ਅੱਡਾ ਤੋਂ ਗ੍ਰਿਫਤਾਰ ਕੀਤਾ ਗਿਆ। ਇਹਨਾਂ ਪੁਲਿਸ ਟੀਮਾਂ ਦੀ ਅਗਵਾਈ ਡੀਐਸਪੀ ਗੁਰਿੰਦਰ ਨਾਗਰਾ ਕਰ ਰਹੇ ਸਨ।

ਡੀਆਈਜੀ ਨੇ ਦੱਸਿਆ ਕਿ ਕੇਐਲਐਫ ਦੇ ਇਨ੍ਹਾਂ ਦੋ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ, ਪੰਜਾਬ ਪੁਲਿਸ ਨੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਜਾ ਸਾਂਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 177 ਮਿਤੀ 2/11/2025 ਦਰਜ ਕੀਤਾ ਗਿਆ ਹੈ।