Saturday, November 8Malwa News
Shadow

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ:– ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ ₹287.95 ਕਰੋੜ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ। ਇਹਨਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ ₹2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

“ਸਰਕਾਰ ਦਾ ਹਰ ਕਦਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਵੱਲ ਹੈ,” ਡਾ. ਬਲਜੀਤ ਕੌਰ ਨੇ ਕਿਹਾ।