Monday, November 10Malwa News
Shadow

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਚੰਡੀਗੜ੍ਹ/ਐਸਏਐਸ ਨਗਰ, 10 ਨਵੰਬਰ:- ਪੰਜਾਬ ਪੁਲਿਸ ਨੇ ਮੋਹਾਲੀ ਵਿਖੇ ਅੱਜ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਉਣ ਸਬੰਧੀ ਦੋਸ਼ਾਂ ਨੂੰ ਮੁੱਢੋਂ ਨਕਾਰਿਆ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੋਪੜ ਰੇਂਜ ਨਾਨਕ ਸਿੰਘ, ਜਿਨ੍ਹਾਂ ਨੇ ਖੁਦ ਹੋਰ ਅਧਿਕਾਰੀਆਂ ਨਾਲ ਮੌਕੇ ‘ਤੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਉਕਤ ਸਥਾਨ ‘ਤੇ ਕੋਈ ਨਾਕਾਬੰਦੀ ਜਾਂ ਚੈਕਿੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਰਮਿਆਨ ਦਹਿਸ਼ਤ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ।

ਡੀਆਈਜੀ ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਦੇ ਸੂਬੇ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਗਤੀਵਿਧੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀਆਈਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਨਹੀਂ ਰੋਕਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਾਲੇ ਪਾਸੇ ਤੋਂ ਜੁੜਨ ਵਾਲੀਆਂ ਸਾਰੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਆਵਾਜਾਈ ਪੂਰੀ ਤਰ੍ਹਾਂ ਖੁੱਲ੍ਹੀ ਸੀ।