
ਬਰਨਾਲਾ, 11 ਨਵੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ।
ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਜਿਹੜੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਜਾਂ ਤਾਂ ਆਪਣੇ ਖੇਤਾਂ ਵਿਚ ਕਰ ਰਹੇ ਹਨ ਜਾਂ ਉਸ ਦੀਆਂ ਗੱਠਾਂ ਬਣਾ ਕੇ ਸੰਭਾਲ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਜੋ ਵੀ ਕਿਸਾਨ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਦੇ ਖੇਤਾਂ ‘ਚ ਪਰਾਲੀ ਮੱਚੀ ਹੋਈ ਪਾਈ ਜਾਂਦੀ ਹੈ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ ‘ਚ ਲਾਲ ਇੰਦਰਾਜ਼ ਕੀਤੇ ਜਾਣਗੇ।
ਐੱਸਐਸਪੀ ਸ਼੍ਰੀ ਸਰਫਰਾਜ਼ ਆਲਮ ਨੇ ਪੁਲਿਸ ਕਰਮਚਾਰੀਆਂ ਨੂੰ ਹੁਕਮ ਦਿੱਤਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।