Tuesday, November 11Malwa News
Shadow

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ


ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ:
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਵਿਕਰਮਜੀਤ ਨੇ ਇਹ ਵੀ ਕਬੂਲਿਆ ਹੈ ਕਿ ਉਹ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਡੀਜੀਪੀ ਨੇ ਦੱਸਿਆ ਕਿ ਵਿਕਰਮਜੀਤ ਦੀ ਗ੍ਰਿਫ਼ਤਾਰੀ ਨਾਲ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਇਸੇ ਨੈੱਟਵਰਕ ਵੱਲੋਂ ਭੇਜੀ ਇੱਕ ਏਕੇ-47 ਅਸਾਲਟ ਰਾਈਫਲ ਦੀ ਬਰਾਮਦਗੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਨੂੰ ਟਰੇਸ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਭਰੋਸੇਯੋਗ ਸੂਹਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬਸਤੀ ਬੂਟੇ ਵਾਲਾ ਤੋਂ ਦੋਵਾਂ ਮੁਲਜ਼ਮਾਂ ਨੂੰ ਦੋ ਗਲੌਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਕੀਤੇ ਖੁਲਾਸੇ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੁਆਰਾ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ।

ਐਸਐਸਪੀ ਨੇ ਦੱਸਿਆ ਕਿ ਜ਼ਬਤ ਕੀਤੇ ਡਿਜੀਟਲ ਡਿਵਾਈਸਾਂ ਦਾ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਸਪਲਾਈ ਚੇਨ – ਜਿਸ ਵਿੱਚ ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਿਯੋਗੀ ਸ਼ਾਮਲ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 8.11.2025 ਨੂੰ ਥਾਣਾ ਸਦਰ ਜ਼ੀਰਾ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।