
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਗੈਂਗਸਟਰ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਾਲੀ ਦੇ ਮੋਟੇਮਾਜਰਾ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ , ਜੋ ਮੌਜੂਦਾ ਸਮੇਂ ਟੰਗੋਰੀ (ਮੋਹਾਲੀ) ਵਿਚ ਰਹਿ ਰਿਹਾ ਹੈ ਅਤੇ ਅਮਨ ਕੁਮਾਰ ਵਾਸੀ ਖਿਜਰਗੜ੍ਹ, ਜ਼ੀਰਕਪੁਰ (ਮੋਹਾਲੀ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਬਜਾਜ ਡਿਸਕਵਰ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ,ਨੂੰ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਿਛਲੇ ਮਹੀਨੇ ਰਾਜਪੁਰਾ ਵਿੱਚ ਵਾਪਰੀ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮਾਂ ਨੂੰ ਗੋਲਡੀ ਢਿੱਲੋਂ ਨੇ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਸੀ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਇਸ ਸਾਲ ਅਕਤੂਬਰ ਵਿੱਚ ਐਬਟਸਫੋਰਡ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਇੱਕ ਭਾਰਤੀ ਮੂਲ ਦੇ ਉਦਯੋਗਪਤੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦਾ ਵੀ ਮਾਸਟਰਮਾਈਂਡ ਸੀ।
ਡੀਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਮੁਲਜ਼ਮ ਅਮਨ ਵਿਰੁੱਧ ਹਥਿਆਰਾਂ ਸਬੰਧੀ ਅਪਰਾਧਾਂ ਦੇ ਮਾਮਲੇ ਵਿੱਚ ਦੋ ਐਫਆਈਆਰਜ਼ ਦਰਜ ਹਨ।
ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਹਰਮਨਦੀਪ ਹੰਸ, ਜੋ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਦੇ ਨਾਲ ਮੌਕੇ ਦਾ ਦੌਰਾ ਕਰ ਰਹੇ ਸਨ, ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਦੀਆਂ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।
ਐਸ.ਐਸ.ਪੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਡੀਐਸਪੀ ਡੇਰਾਬੱਸੀ ਬਿਕਰਮਜੀਤ ਬਰਾੜ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਅਤੇ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼਼ਸ਼ ਤਹਿਤ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ। ਪੁਲਿਸ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ ਤੇ ਦੋਵਾਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ।
ਇਸ ਸਬੰਧ ਵਿੱਚ, ਬੀਐਨਐਸ ਦੀ ਧਾਰਾ 109, 132, 221 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 324 ਮਿਤੀ 12/11/2025 ਨੂੰ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਡੇਰਾਬੱਸੀ ਵਿਖੇ ਕੇਸ ਦਰਜ ਕੀਤਾ ਗਿਆ ਹੈ।