
ਸੁਨਾਮ, 13 ਨਵੰਬਰ:
ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 305 ਪਰਿਵਾਰਾਂ ਨੂੰ 07 ਕਰੋੜ 62 ਲੱਖ 50 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ।
ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਦੇ 200 ਪਰਿਵਾਰਾਂ ਨੂੰ 05 ਕਰੋੜ ਰੁਪਏ ਦੇ ਪੱਕੇ ਮਕਾਨ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ, ਜਦਕਿ ਲੌਂਗੋਵਾਲ ਦੇ 79 ਪਰਿਵਾਰਾਂ ਨੂੰ 02 ਕਰੋੜ 22 ਲੱਖ 50 ਹਜ਼ਾਰ ਰੁਪਏ ਦੇ ਅਤੇ ਚੀਮਾ ਦੇ 26 ਪਰਿਵਾਰਾਂ ਨੂੰ 65 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਚ ਸਭ ਤੋਂ ਅਹਿਮ ਸਿਰ ਉੱਤੇ ਛੱਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅਹਿਮ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸੂਬੇ ਵਿੱਚ ਕੋਈ ਵੀ ਪਰਿਵਾਰ ਬਿਨਾਂ ਮਕਾਨ ਦੇ ਨਾ ਰਹੇ ਅਤੇ ਹਰੇਕ ਲੋੜਵੰਦ ਦੇ ਸਿਰ ਉੱਤੇ ਛੱਤ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜੇ, ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਲੋਕ ਭਲਾਈ ਸਕੀਮਾਂ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਹਰੇਕ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹਾਇਤਾ ਪਹੁੰਚ ਸਕੇ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਵਾਸ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਹਰ ਪਰਿਵਾਰ ਨੂੰ ਮਾਣ ਨਾਲ ਜੀਵਨ ਜਿਊਣ ਦਾ ਅਧਿਕਾਰ ਦੇਣਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਪਛਾਣ ਕੇ ਆਪਣੀ ਨੀਤੀ ਤਿਆਰ ਕਰਦੀ ਹੈ, ਜਿਸ ਤਰ੍ਹਾਂ ਸਿੱਖਿਆ ਤੇ ਸਿਹਤ ਵਰਗੇ ਅਹਿਮ ਖੇਤਰਾਂ ਵਿੱਚ ਪਿਛਲੇ ਸਾਢੇ ਤਿੰਨ ਸਾਲ ਵਿੱਚ ਕ੍ਰਾਂਤੀਕਾਰੀ ਕਦਮ ਉਠਾ ਕੇ ਵੱਡੇ ਸੁਧਾਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਖੇਤਰਾਂ ਵਿੱਚ ਵੀ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।