
ਰੂਪਨਗਰ, 17 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਮਿੰਨੀ ਸਕੱਤਰੇਤ ਦਫਤਰ, ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਇੱਕ ਮਹੱਤਵਪੂਰਨ ਅਤੇ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ।
ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਰਾਜ ਪੱਧਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਸਮਾਗਮਾਂ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਆਉਣ ਵਾਲੀ ਸੰਗਤ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਮਾਗਮ ਸਾਡੇ ਲਈ ਆਦਰ, ਸ਼ਰਧਾ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਮਹੱਤਤਾ ਅਤੇ ਸੰਗਤ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਸਹੂਲਤਾਂ ਨੂੰ ਸਭ ਤੋਂ ਉੱਚ ਪੱਧਰ ਤੇ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਆਉਣ ਵਾਲੀ ਸੰਗਤ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਵੱਖ-ਵੱਖ ਸਥਾਨਾਂ ਤੇ 19 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਜਾਵੇਗੀ, ਜਿੱਥੇ ਕਿ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ। ਖ਼ਾਸ ਤੌਰ ‘ਤੇ ਉਨ੍ਹਾਂ ਸਥਾਨਾਂ ‘ਤੇ ਜਿੱਥੇ ਭੀੜ ਵੱਧ ਰਹਿਣ ਦੀ ਸੰਭਾਵਨਾ ਹੈ, ਵਾਧੂ ਸਟਾਫ਼ ਅਤੇ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਮੂਹ ਸਿਹਤ ਸੰਸਥਾਵਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਦੀਆਂ ਵੀ ਤਾਇਨਤ ਕੀਤੀਆਂ ਗਈਆਂ ਹਨ।
ਸਿਹਤ ਮੰਤਰੀ ਪੰਜਾਬ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਦਿਨਾਂ ਦੌਰਾਨ ਕੁੱਲ 27 ਐਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 19 ਐਂਬੂਲੈਂਸਾਂ ਬੇਸਿਕ ਲਾਈਫ ਸਪੋਰਟਸ ਸਿਸਟਮ ਅਤੇ 08 ਐਬੂਲੈਂਸਾਂ ਐਡਵਾਂਸ ਲਾਈਫ ਸਪੋਰਟਸ ਸਿਸਟਮ ਨਾਲ ਲੈਸ ਰਹਿਣਗੀਆਂ ਜੋ ਕਿ 24×7 ਤਾਇਨਾਤ ਰਹਿਣਗੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 02 ਆਈ.ਸੀ.ਯੂ. ਸੈਂਟਰ ਜ਼ਿਲ੍ਹਾ ਹਸਪਤਾਲ ਰੂਪਨਗਰ ਅਤੇ ਸਬ ਡਿਵੀਜ਼ਨਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਿਤੀ 25 ਨਵੰਬਰ ਨੂੰ ਵਿਰਾਸਤ-ਏ-ਖਾਲਸਾ ਵਿਖੇ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਿਤੀ 23, 24 ਅਤੇ 25 ਨਵੰਬਰ ਨੂੰ ਪੰਜ ਪਿਆਰਾ ਪਾਰਕ ਵਿਖੇ ਖੂਨਦਾਨ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਲੋਕਾਂ ਨੂੰ ਅੰਗ ਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਪੰਜ ਪਿਆਰਾ ਪਾਰਕ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਆਮ ਲੋਕਾਂ ਨੂੰ ਅੰਗ ਦਾਨ ਕਰਨ ਸਬੰਧੀ ਸਹੁੰ ਚੁਕਾਈ ਜਾਵੇਗੀ।
ਇਸ ਤੋਂ ਇਲਾਵਾ ਨਿਗਾਹ (ਅੱਖਾਂ) ਦਾ ਲੰਗਰ ਜੋ ਕਿ ਟੈਂਟ ਸਿਟੀ ਅਤੇ ਟਰਾਲੀ ਸਿਟੀ ਵਿਖੇ ਲਗਾਇਆ ਜਾਵੇਗਾ, ਜਿਸ ਵਿੱਚ ਲਗਭਗ 1000 ਦੇ ਕਰੀਬ ਲੋਕਾਂ ਨੂੰ ਮੁਫਤ ਨਿਗਾਹ ਦੀਆਂ ਐਨਕਾਂ ਨਿਗਾਹ ਚੈੱਕ ਕਰਨ ਉਪਰੰਤ ਮੌਕੇ ਤੇ ਹੀ ਮੁਫਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਮਾਗਮ ਵਾਲੇ ਵੱਖ-ਵੱਖ ਸਥਾਨਾਂ ਤੇ ਡੇਂਗੂ ਮਲੇਰੀਆ ਤੋਂ ਬਚਾਅ ਲਈ ਫੋਗਿੰਗ ਕਰਵਾਈ ਜਾ ਰਹੀ ਹੈ।
ਇਸ ਉਪਰੰਤ ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਥਾਪਿਤ ਕੀਤੇ ਗਏ ਆਈਸੀਯੂ ਦਾ ਨਿਰੀਖਣ ਕੀਤਾ ਗਿਆ ਅਤੇ ਕੀਤੇ ਗਏ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟਾਈ ਗਈ।
ਇਸ ਮੀਟਿੰਗ ਦੌਰਾਨ ਡਾਇਰੈਕਟਰ ਈਐਸਆਈ ਡਾ. ਅਨਿਲ ਗੋਇਲ, ਡਿਪਟੀ ਡਾਇਰੈਕਟਰ ਡਾ. ਸੁਨੀਲ ਬਾਂਸਲ ਅਤੇ ਡਾ. ਸੁਭਾਸ਼, ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ, ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ, ਸਿਵਲ ਸਰਜਨ ਐਸਏਐਸ ਨਗਰ ਡਾ. ਸੰਗੀਤਾ ਜੈਨ, ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਅਫਸਰ ਹਾਜ਼ਰ ਸਨ।