Sunday, February 15Malwa News
Shadow

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਚੰਡੀਗੜ੍ਹ, 18 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ  ਚਲਾਈ ਜਾ ਰਹੀ  ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ  ਗਈ  ਹੈ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ।

ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ  ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.16 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 400 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਇਹ ਕਾਰਵਾਈ ਕੀਤੀ ਗਈ ।

ਉਨ੍ਹਾਂ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 24,809 ਐਫਆਈਆਰ ਦਰਜ ਕਰਨ ਤੋਂ ਬਾਅਦ 36,901 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ, 263 ਕੁਇੰਟਲ ਭੁੱਕੀ, 529 ਕਿਲੋਗ੍ਰਾਮ ਗਾਂਜਾ, 41.39 ਲੱਖ ਨਸ਼ੀਲੇ ਪਦਾਰਥਾਂ/ਕੈਪਸੂਲ, 14 ਕਿਲੋਗ੍ਰਾਮ ਆਈ.ਸੀ.ਈ. ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ੀਲੇ ਪਦਾਰਥਾਂ ਦੇ ਖਾਤਮੇ’ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।