Sunday, December 7Malwa News
Shadow

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ।

ਡਾ. ਅੰਬੇਡਕਰ ਦੇ ਯੋਗਦਾਨਾਂ ‘ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਦੇ ਸਿਧਾਂਤਾਂ ਨੇ ਭਾਰਤ ਦੀ ਤਕਦੀਰ ਨੂੰ ਗਹਿਰਾਈ ਨਾਲ ਆਕਾਰ ਦਿੱਤਾ ਹੈ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਇਸ ਦੀ ਨੀਂਹ ਮਜ਼ਬੂਤ ਕੀਤੀ।

ਡਾ. ਅੰਬੇਡਕਰ ਨੂੰ ਇੱਕ ਮਹਾਨ ਦੂਰਦਰਸ਼ੀ ਦੱਸਦਿਆਂ ਕੈਬਨਿਟ ਮੰਤਰੀ, ਚੇਅਰਮੈਨਾਂ ਅਤੇ ਮੇਅਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਦੂਰਅੰਦੇਸ਼ੀ ਸੀ, ਜਿਸ ਨੇ ਭਾਰਤ ਨੂੰ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਸੰਵਿਧਾਨ ਦਿੱਤਾ, ਜੋ ਕਿ ਹਰੇਕ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ ਦੀ ਰੱਖਿਆ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇਣਾ ਇੱਕ ਹੋਰ ਇਤਿਹਾਸਕ ਮੀਲ ਪੱਥਰ ਸੀ, ਜਿਸਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ ਸਾਰੇ ਭਾਰਤੀਆਂ ਨੂੰ ਸਸ਼ਕਤ ਬਣਾਇਆ।

ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਇੱਕ ਅਜਿਹੇ ਸੰਵਿਧਾਨ ਦਾ ਨਿਰਮਾਣ ਕੀਤਾ, ਜੋ ਸਮਾਜ ਦੇ ਹਰ ਵਰਗ ਨੂੰ ਅਪਣਾਉਂਦਾ ਹੈ ਅਤੇ ਸਦਭਾਵਨਾ, ਭਾਈਚਾਰਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।