
ਹੁਸ਼ਿਆਰਪੁਰ, 19 ਦਸੰਬਰ:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵਾ ਇਕ ਹੋਰ ਮੁਹਿੰਮ ਬਾਲ ਵਿਵਾਹ ਮੁਕਤ ਭਾਰਤ ਅਤੇ ‘ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ’ (ਐਚ. ਆਈ. ਵੀ ਏਡਜ਼ ਕੰਪੇਨ) ਸਬੰਧੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਦੱਸਿਆ ਗਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਇਸ ਦੌਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।