Monday, December 22Malwa News
Shadow

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

ਸੰਗਰੂਰ, 22 ਦਸੰਬਰ (000) – ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ ਹਾਊਸ, ਸੰਗਰੂਰ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।

ਇਸ ਮੌਕੇ ਸ੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਸੰਗਰੂਰ, ਕਰਨਲ ਜਰਨੈਲ ਸਿੰਘ (ਰਿਟਾ.) ਓ.ਐੱਸ.ਡੀ. ਮੁੱਖ ਦਫਤਰ, ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ, ਨਗਰ ਕੌਂਸਲ ਪ੍ਰਧਾਨ ਸ੍ਰ ਭੁਪਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਿਆਮ ਸਿੰਗਲਾ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਉਹ ਥਲ, ਹਵਾਈ ਅਤੇ ਜਲ ਸੈਨਾਵਾਂ ਦੇ ਜਵਾਨਾਂ ਦੇ ਰਿਣੀ ਹਨ, ਜਿਹੜੇ ਦੂਰ ਦੁਰਾਡੇ ਸਰਹੱਦਾਂ ਦੀ ਰਖਵਾਲੀ ਲਈ ਬਹੁਤ ਬਹਾਦਰੀ ਨਾਲ ਲੜ੍ਹੇ ਅਤੇ ਉਨ੍ਹਾਂ ਵਿਚੋਂ ਕਈਆਂ ਨੇ ਦੇਸ਼ ਦੀ ਸੇਵਾ ਵਿਚ ਰਾਸ਼ਟਰ ਦੀ ਅਜ਼ਾਦੀ, ਏਕਤਾ ਅਤੇ ਅਖੰਡਤਾ ਲਈ ਮਹਾਨ ਬਲੀਦਾਨ ਦਿੱਤੇ ਹਨ। ਅੱਜ ਵੀ ਦੇਸ਼ ਦੀ ਅਜੋਕੀ ਹਾਲਤ ਵਿਚ ਵੀ ਉਹ ਵੱਧ ਚੜ੍ਹ ਕੇ ਜੂਝ ਰਹੇ ਹਨ, ਜਿਨ੍ਹਾਂ ਨੇ ਆਪਣਾ ਅੱਜ ਕੁਰਬਾਨ ਕਰਕੇ ਸਾਡਾ ਕੱਲ੍ਹ ਸੁਰੱਖਿਅਤ ਕੀਤਾ ਹੈ। ਅਸੀ ਸ਼ਹੀਦਾਂ ਦੇ ਰਿਣੀ ਹਾਂ, ਜਿਨ੍ਹਾਂ ਸਦਕਾ ਅਸੀ ਇਸ ਖੁਸ਼ਨੁਮਾ ਮਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਂਦੀ ਹੈ। ਸਰਕਾਰੀ ਨੌਕਰੀਆਂ ਵਿੱਚ 13 ਫੀਸਦੀ ਨੌਕਰੀਆਂ ਸਾਬਕਾ ਸੈਨਿਕਾਂ ਲਈ ਰਾਖਵੀਆਂ ਰੱਖੀਆਂ ਹਨ। ਸਾਬਕਾ ਸੈਨਿਕਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਨੂੰ ਨਜਿੱਠਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਤਿਮਾਹੀ ਸਮੀਖਿਆ ਮੀਟਿੰਗਾਂ ਲਾਜ਼ਮੀ ਕੀਤੀਆਂ ਹਨ ਤਾਂ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਤੁਰੰਤ ਖ਼ਤਮ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਦਾ ਲਾਭ ਹਰ ਯੋਗ ਸਾਬਕਾ ਸੈਨਿਕ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ।

ਇਸ ਸਮਾਰੋਹ ਕੈਬਨਿਟ ਮੰਤਰੀ ਵੱਲੋਂ 14 ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 6,50,000/- ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਂਟ ਕੀਤੇ ਗਏ ਅਤੇ ਨਕਾਰਾ ਸਾਬਕਾ ਸੈਨਿਕਾਂ ਨੂੰ ਇਲੈਕਟ੍ਰਿਕਲ ਟ੍ਰਾਈ ਸਕੂਟਰ ਵੰਡੇ ਗਏ। ਸਾਬਕਾ ਸੈਨਿਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਤਕਲੀਫਾਂ ਦਾ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਹਨਾਂ ਵੱਲੋਂ ਇਸ ਸਮੇਂ ਮੌਜੂਦ ਸਮੂਹ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਨੇ ਸਮੂਹ ਦਫਤਰੀ ਸਟਾਫ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਮੁਲਾਕਾਤ ਵੀ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਨਾਲ ਜੁੜ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਾਂ। ਵਿਭਾਗ ਵੱਲੋਂ ” ਮੇਰਾ ਪਿੰਡ ਮੇਰਾ ਬਾਗ਼ ” ਯੋਜਨਾ ਲਿਆਂਦੀ ਗਈ ਹੈ ਜਿਸ ਤਹਿਤ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ਉੱਤੇ ਬਾਗ਼ ਲਗਾਏ ਜਾ ਰਹੇ ਹਨ। ਤਾਂ ਕਿ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਇਕ ਉਦਾਹਰਣ ਪੇਸ਼ ਕਰਕੇ ਲੋਕਾਂ ਨੂੰ ਬਾਗ਼ਬਾਨੀ ਕਿੱਤੇ ਨਾਲ ਜੋੜਿਆ ਜਾਵੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸੰਗਰੂਰ ਪਹੁੰਚਣ ਉਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿੱਘਾ ਸਵਾਗਤ ਕਰਦੇ ਹੋਏ ਗਾਰਡ ਆਫ ਆਨਰਜ਼ ਦਿੱਤਾ ਗਿਆ। ਉਹਨਾਂ ਵੱਲੋਂ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ ਅਤੇ ਸੈਨਿਕ ਰੈਸਟ ਹਾਊਸ ਦਾ ਦੌਰਾ ਕੀਤਾ ਗਿਆ। ਸਮਾਗਮ ਨੂੰ ਕਮਾਂਡਰ ਦਿਲਪ੍ਰੀਤ ਸਿੰਘ ਕੰਗ ਨੇ ਵੀ ਸੰਬੋਧਨ ਕੀਤਾ।