
ਕੋਟਕਪੂਰਾ 23 ਦਸੰਬਰ ( ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।
ਇਸ ਮੌਕੇ ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ, ਬੀ.ਐਲ.ਓ ਸਰੋਜ, ਬੀ.ਐਲ.ਓ ਅਰਵਿੰਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।