
ਫ਼ਿਰੋਜ਼ਪੁਰ, 26 ਦਸੰਬਰ 2025 ( )- ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਇਸ ਮੌਕੇ ਉਨ੍ਹਾਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਨਾਲ ਹੀ ਲੋਕਾਂ ਨੂੰ ਪਤੰਗਬਾਜੀ ਦੇ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸਡੀਐਮ ਜੀਰਾ ਅਰਵਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।