
ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੇ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।
ਡਾ. ਨਵਰੂਪ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ਼੍ਰੀ ਆਨੰਦਪੁਰ ਸਾਹਿਬ ਪਹੁੰਚਦੀ ਹੈ, ਇਸ ਲਈ ਸਿਹਤ ਸੇਵਾਵਾਂ ਦੀ ਉਚਿਤ ਅਤੇ ਸੁਚੱਜੀ ਵਿਵਸਥਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਟੀਮਾਂ ਦੀ ਤਾਇਨਾਤੀ, ਐਮਬੂਲੈਂਸ ਸੇਵਾਵਾਂ, ਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਅਸਥਾਈ ਆਮ ਆਦਮੀ ਕਲੀਨਿਕ, ਮੁਫਤ ਮੈਡੀਕਲ ਕੈਂਪ, ਫਸਟ ਏਡ ਪੋਸਟਾਂ ਸਥਾਪਿਤ ਕੀਤੇ ਜਾਣਗੇ ਅਤੇ ਰੈਫਰਲ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇਗਾ, ਵੱਖ-ਵੱਖ ਸਥਾਨਾਂ ਤੇ ਐਂਬੁਲੈਂਸਾਂ ਨੂੰ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਸਥਿਤੀ ਵਿੱਚ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ, ਸਫਾਈ ਅਤੇ ਫੂਡ ਸੇਫ਼ਟੀ ਟੀਮਾਂ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਮੇਲੇ ਵਿੱਚ ਆਉਣ ਵਾਲੀ ਸੰਗਤ ਨੂੰ ਇਨਫੈਕਸ਼ਨ ਅਤੇ ਹੋਰ ਆਮ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕਤਾ ਸਮੱਗਰੀ ਵੰਡੀ ਜਾਵੇਗੀ। ਸਿਹਤ ਕਰਮਚਾਰੀਆਂ ਨੂੰ ਮਾਸਕ, ਸੈਨੀਟਾਈਜ਼ਰ ਅਤੇ ਹੋਰ ਜ਼ਰੂਰੀ ਸਾਮਾਨ ਨਾਲ ਲੈਸ ਰਹਿਣ ਲਈ ਕਿਹਾ ਗਿਆ।
ਡਾ. ਨਵਰੂਪ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਸੰਗਤ ਦੀ ਸੁਰੱਖਿਆ ਅਤੇ ਸੁਖ-ਸਹੂਲਤ ਹੈ ਅਤੇ ਇਸ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਮੱਸਿਆ ਨੂੰ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਲਈ ਆਦੇਸ਼ ਦਿੱਤੇ।
ਮੀਟਿੰਗ ਦੇ ਅੰਤ ਵਿੱਚ ਸਾਰੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੇ ਭਰੋਸਾ ਦਵਾਇਆ ਕਿ ਹੋਲਾ ਮਹੱਲਾ ਦੌਰਾਨ ਸਿਹਤ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪੂਰੀ ਤਿਆਰੀ ਕੀਤੀ ਜਾਵੇਗੀ ਅਤੇ ਸੰਗਤ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।