
ਰੂਪਨਗਰ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ “ਕਾਰਡਨ ਐਂਡ ਸਰਚ ਆਪ੍ਰੇਸ਼ਨ” ਚਲਾਇਆ ਗਿਆ। ਬਹਿਰਾਮਪੁਰ ਕਲੋਨੀ ਵਿਖੇ ਇਸਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।
ਇਸ ਕਾਸੋ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 12 ਐਸ.ਪੀਜ, 06 ਡੀ.ਐਸ.ਪੀਜ., 10 ਇੰਸਪੈਕਟਰ ਅਤੇ 140 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 07 ਮੁਕੱਦਮੇ ਦਰਜ ਕੀਤੇ ਗਏ ਜਿਨ੍ਹਾਂ ਵਿੱਚ 08 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 34.05 ਗ੍ਰਾਮ ਨਸ਼ੀਲਾ ਪਾਊਡਰ ਅਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਸ. ਮਨਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਭਵਿੱਖ ਵਿੱਚ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।