Sunday, January 18Malwa News
Shadow

ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ

ਹੁਸ਼ਿਆਰਪੁਰ, 18 ਜਨਵਰੀ :-ਪਿੰਡ ਮੁਰਾਦਪੁਰ ਗੁਰੂਕਾ ਵਿੱਚ ਇਕ ਨਵੇਂ ਆਧੁਨਿਕ ਜਿੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਕਿਸੇ ਵੀ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਨੌਜਵਾਨ ਅਤੇ ਪਤਵੰਤੇ ਹਾਜ਼ਰ ਸਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਕਸਰਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਜਿੰਮ ਵਰਗੀਆਂ ਸਹੂਲਤਾਂ ਨਾ ਸਿਰਫ਼ ਸਰੀਰਕ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹਨ ਬਲਕਿ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵੀ ਵਿਕਸਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਨੌਜਵਾਨ ਇਕ ਮਜ਼ਬੂਤ ਅਤੇ ਸਵੈ-ਨਿਰਭਰ ਪੰਜਾਬ ਦੀ ਨੀਂਹ ਹਨ।

ਕੈਬਨਿਟ ਮੰਤਰੀ ਨੇ ਜਿੰਮ ਸਥਾਪਿਤ ਕਰਨ ਲਈ ਪਹਿਲ ਕਰਨ ਵਾਲੇ ਸਾਰੇ ਸਾਥੀਆਂ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਯਤਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗਾ। ਉਨ੍ਹਾਂ ਨੌਜਵਾਨਾਂ ਨੂੰ ਇਸ ਸਹੂਲਤ ਦਾ ਨਿਯਮਿਤ ਤੌਰ ‘ਤੇ ਲਾਭ ਉਠਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡ ਪੱਧਰ ‘ਤੇ ਖੇਡਾਂ, ਤੰਦਰੁਸਤੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਇਸ ਨੇਕ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਜਿੰਮ ਪਿੰਡ ਦੇ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਲੈ ਜਾਵੇਗਾ।