
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ:-ਕੌਮੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ–82, ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਕੀਤੀ ਗਈ।
ਸਮੀਖਿਆ ਦੌਰਾਨ ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਇਹ ਮਾਣ ਦੀ ਗੱਲ ਹੈ ਕਿ ਕੌਮੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚੱਜੇ ਅਤੇ ਬੇਹਤਰੀਨ ਢੰਗ ਨਾਲ ਆਯੋਜਿਤ ਕਰਨ ਲਈ ਹਰ ਪੱਧਰ ’ਤੇ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਵੋਟਰ ਬਣੇ ਵੋਟਰਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਇਸ ਦਿਨ ਨੂੰ ਯਾਦਗਾਰੀ ਬਣਾਇਆ ਜਾ ਸਕੇ।
ਏ.ਡੀ.ਸੀ. ਨੇ ਦੱਸਿਆ ਕਿ ਇਸ ਮੌਕੇ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਐਮਿਟੀ ਯੂਨੀਵਰਸਿਟੀ ਤੋਂ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ ਜਾਵੇਗੀ, ਜਿਸ ਦਾ ਮਕਸਦ ਲੋਕਾਂ ਵਿੱਚ ਵੋਟ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਹੈ।
ਇਸ ਤੋਂ ਇਲਾਵਾ ਸਮਾਗਮ ਦੌਰਾਨ ਸੱਭਿਆਚਾਰਕ ਪੇਸ਼ਕਾਰੀਆਂ, ਲੋਕਤੰਤਰ ਅਤੇ ਵੋਟ ਦੇ ਮਹੱਤਵ ਬਾਰੇ ਭਾਸ਼ਣ, ਅਤੇ ਸਰਵੋਤਮ ਕਾਰਗੁਜ਼ਾਰੀ ਵਾਲੇ ਭਾਗੀਦਾਰਾਂ ਦਾ ਸਨਮਾਨ ਸਮਾਰੋਹ ਵੀ ਹੋਵੇਗਾ।
ਇਸ ਮੌਕੇ ਮੌਜੂਦ ਅਧਿਕਾਰੀਆਂ ਵਿੱਚ ਐਸ.ਡੀ.ਐੱਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਗੁਰਮੀਤ ਸਿੰਘ, ਤਹਿਸੀਲਦਾਰ (ਚੋਣਾਂ) ਸ੍ਰੀ ਸੰਜੇ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ, ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ਿਸ਼ ਸਿੰਘ ਅੰਟਾਲ, ਅਤੇ ਹੋਰ ਸੰਬੰਧਤ ਅਧਿਕਾਰੀ ਹਾਜ਼ਰ ਸਨ।