
ਚੰਡੀਗੜ੍ਹ, 19 ਜਨਵਰੀ:-ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ।
ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ।
ਮੀਟਿੰਗ ਵਿੱਚ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਸ਼੍ਰੀ ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰੀ ਐਕਟ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ।
ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ਼੍ਰੀ ਇੰਦਰਪਾਲ ਸਿੰਘ ਧੰਨਾ ਨੇ ਨਾਗਰਿਕਾਂ ਨੂੰ ਜਾਣਕਾਰੀ ਦੀ ਕੁਸ਼ਲ ਅਤੇ ਸਮੇਂ ਸਿਰ ਪਹੁੰਚ ਯਕੀਨੀ ਬਣਾਉਣ ਲਈ ਰਾਜ ਕਮਿਸ਼ਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਸਮਾਂਬੱਧ ਅਤੇ ਪ੍ਰਭਾਵੀ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਸ਼੍ਰੀ ਵੀ.ਕੇ. ਤਿਵਾੜੀ ਨੇ ਬਤੌਰ ਕੇਂਦਰੀ ਸੂਚਨਾ ਕਮਿਸ਼ਨਰ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਿਸ ਵਿੱਚ ਵਧੀਆ ਅਭਿਆਸਾਂ, ਮੌਜੂਦਾ ਚੁਣੌਤੀਆਂ ਅਤੇ ਕੇਸਾਂ ਦੇ ਨਿਪਟਾਰੇ ਨੂੰ ਹੋਰ ਬਿਹਤਰ ਬਣਾਉਣ ਅਤੇ ਸਮੁੱਚੇ ਆਰ.ਟੀ.ਆਈ. ਢਾਂਚੇ ਨੂੰ ਮਜ਼ਬੂਤ ਕਰਨ ਦੇ ਵਿਹਾਰਕ ਤਰੀਕਿਆਂ ਨੂੰ ਉਜਾਗਰ ਕੀਤਾ ਗਿਆ।
ਇਹ ਵਿਚਾਰ- ਚਰਚਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਲਈ ਆਪਸੀ ਵਿਚਾਰ-ਵਟਾਂਦਰੇ ਦਾ ਵਡੇਰਾ ਮੰਚ ਸਾਬਿਤ ਹੋਈ। ਮੁੱਖ ਸੂਚਨਾ ਕਮਿਸ਼ਨਰ ਸ਼੍ਰੀ ਧੰਨਾ , ਰਾਜ ਸੂਚਨਾ ਕਮਿਸ਼ਨਰਾਂ ਅਤੇ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਵੱਲੋਂ ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤਾ। ਉਨ੍ਹਾਂ ਨੇ ਸ੍ਰੀ ਵੀ.ਕੇ. ਤਿਵਾੜੀ ਦੇ ਵਿਚਾਰਾਂ ਨੂੰ ਵਡਮੁੱਲਾ ਕਰਾਰ ਦਿੰਦਿਆਂ ਚਰਚਾ ਨੂੰ ਬਹੁਤ ਹੀ ਰਚਨਾਤਮਕ ਅਤੇ ਲਾਹੇਵੰਦ ਦੱਸਿਆ।
ਸ਼੍ਰੀ ਹਰਪ੍ਰੀਤ ਸੰਧੂ ਨੇ ਭਾਰਤ ਦੇ ਕੇਂਦਰੀ ਸੂਚਨਾ ਕਮਿਸ਼ਨਰ, ਵਿਨੋਦ ਕੁਮਾਰ ਤਿਵਾੜੀ ਦਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਆਪਣੇ ਦੌਰੇ ਦੌਰਾਨ ਆਰ.ਟੀ.ਆਈ. ਪਾਰਦਰਸ਼ਤਾ ’ਤੇ ਉਨ੍ਹਾਂ ਦੀ ਡੂੰਘੀ ਸਮਝ-ਬੂਝ ਅਤੇ ਅਹਿਮ ਤਜਰਬੇ ਸਾਂਝੇ ਕਰਨ ਲਈ ਧੰਨਵਾਦ ਕੀਤਾ।