Friday, January 23Malwa News
Shadow

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:-26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਐਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ 26 ਜਨਵਰੀ ਨੂੰ ਸਵੇਰੇ 9:00 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।