Thursday, February 5Malwa News
Shadow

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ:

ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ।

ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ।

ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ. ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।