
ਹੁਸ਼ਿਆਰਪੁਰ, 7 ਫਰਵਰੀ :- ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਅਤੇ ਸਥਾਈ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰ, ਅਧਿਆਪਕ ਅਤੇ ਮਾਪੇ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਸਕੂਲ ਦੇ ਬੁਨਿਆਦੀ ਢਾਂਚੇ, ਅਧਿਆਪਨ ਦੀ ਗੁਣਵੱਤਾ ਅਤੇ ਆਧੁਨਿਕ ਸਰੋਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਕੂਲਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਖੇਡ ਸਹੂਲਤਾਂ ਅਤੇ ਯੋਗ ਅਧਿਆਪਕਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਵਿਧਾਇਕ ਜਿੰਪਾ ਨੇ ਕਿਹਾ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਸਸ਼ਕਤ ਬਣਾਉਣ ਦੀ ਵਚਨਬੱਧਤਾ ਹੈ।
ਇਸ ਮੌਕੇ ਆਰਤੀ ਸ਼ਰਮਾ, ਅਨੀਤਾ ਜੈਨ, ਪਿ੍ੰਸੀਪਲ ਚੰਦਰ ਮੋਹਨ, ਪਿ੍ੰਸੀਪਲ ਚੌਹਾਲ ਬਲਵਿੰਦਰ ਕੌਰ ਬਰਿਆਣਾ, ਹਰਮਿੰਦਰ ਸਿੰਘ ਗੋਪੀ, ਮਨਜੋਤ ਕੌਰ, ਸੰਜੇ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ ਅਤੇ ਸਰਪੰਚ ਬਖਤਾਵਰ ਸਮੇਤ ਹੋਰ ਪਤਵੰਤੇ ਮੌਜੂਦ ਸਨ। ਉਨ੍ਹਾਂ ਸਾਰਿਆਂ ਨੇ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਮੁਹਿੰਮ ਨੂੰ ਇੱਕ ਜਨ ਲਹਿਰ ਬਣਾਉਣ ਦਾ ਸੱਦਾ ਦਿੱਤਾ।