
ਲੁਧਿਆਣਾ, 08 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਕੋਤਾਹੀ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।
ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।