Monday, February 9Malwa News
Shadow

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 9 ਫਰਵਰੀ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 1895 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1250 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 40 ਭਗੌੜੇ ਅਪਰਾਧੀ ਅਤੇ 298 ਇਹਤਿਆਤਨ ਹਿਰਾਸਤ ਵਿੱਚ ਲਏ ਵਿਅਕਤੀ, ਸ਼ਾਮਲ ਹਨ। ਇਸ ਤੋਂ ਇਲਾਵਾ 666 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 345ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 26.4 ਕਿਲੋਗ੍ਰਾਮ ਹੈਰੋਇਨ, 772 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 345 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,331 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।