
ਮਾਲੇਰਕੋਟਲਾ, 11 ਫਰਵਰੀ:– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਜਿੱਥੇ “ਸੂਫ਼ੀ ਫੈਸਟੀਵਲ” ਅਧੀਨ ਪ੍ਰਸਿੱਧ ਕਲਾਕਾਰਾਂ ਵੱਲੋਂ ਸੂਫ਼ੀ ਗਾਇਕੀ ਦੀਆਂ ਰੂਹਾਨੀ ਪੇਸ਼ਕਾਰੀਆਂ ਹੋਣਗੀਆਂ, ਉੱਥੇ “ਪੰਜਾਬ ਸਖੀ ਸ਼ਕਤੀ ਮੇਲਾ” ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉਦਮੀਆਂ ਨੂੰ ਆਪਣੇ ਉਤਪਾਦ ਵੱਡੇ ਪਲੇਟਫਾਰਮ ‘ਤੇ ਪ੍ਰਦਰਸ਼ਿਤ ਅਤੇ ਮਾਰਕਿਟ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਮੇਲੇ ਵਿੱਚ ਹੱਥ-ਕਲਾ, ਫੁਲਕਾਰੀ, ਕੱਪੜਾ ਕਲਾ, ਗਹਿਣੇ, ਜੈਵਿਕ ਉਤਪਾਦ ਅਤੇ ਸਥਾਨਕ ਕਾਰੀਗਰੀ ਦੇ ਨਮੂਨੇ ਪ੍ਰਦਰਸ਼ਿਤ ਕੀਤੇ ਜਾਣਗੇ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪੰਜਾਬ ਸਖੀ ਸ਼ਕਤੀ ਮੇਲਾ” ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਜਦਕਿ “ਸੂਫ਼ੀ ਫੈਸਟੀਵਲ” ਸ਼ਾਮ 5 ਵਜੇ ਤੋਂ ਆਰੰਭ ਹੋਵੇਗਾ। 13 ਫਰਵਰੀ ਨੂੰ ਸਰਕਾਰ ਦੀ ਮੁਹਿੰਮ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਵੀ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਖੂਨਦਾਨ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ।
ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਟਰੈਫਿਕ ਪ੍ਰਬੰਧਨ, ਭੀੜ ਨਿਯੰਤਰਣ ਅਤੇ ਪਾਰਕਿੰਗ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਐਸ.ਪੀ, ਕਾਰਜ ਸਾਧਕ ਅਫ਼ਸਰ, ਸਿਹਤ, ਪੀ.ਡਬਲਿਊ.ਡੀ, ਪੀ.ਐਸ.ਪੀ.ਸੀ.ਐਲ, ਫੂਡ ਸੇਫਟੀ, ਸਿੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ I