Tuesday, February 17Malwa News
Shadow

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 17 ਫਰਵਰੀ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ  ਉਕਤ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ 5000 ਰੁਪਏ ਰਿਸ਼ਵਤ ਮੰਗਣ ਵਾਲੀ ਉਹ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਵਾਰ-ਵਾਰ ਬੇਨਤੀ ਕਰਨ ’ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ।

ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।