Wednesday, February 18Malwa News
Shadow

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਚੰਡੀਗੜ੍ਹ, 18 ਫਰਵਰੀ:-ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਤੱਖ ਪ੍ਰਮਾਣ ਹੈ। ਲਾਪਰਵਾਹੀ ਜਾਂ ਕੁਤਾਹੀ ਪ੍ਰਤੀ  ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ  ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਇਨ੍ਹਾਂ ਕੁਤਾਹੀਆਂ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ‘ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: “ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।”