
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ਡਿਊਟੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਵੇ।
ਇਸ ਮੀਟਿੰਗ ਵਿੱਚ ਡੀਐਸਪੀ ਕੁਲਭੂਸ਼ਣ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।