Sunday, April 19Malwa News
Shadow

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 27 ਫਰਵਰੀ- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਵਿਚ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ।
ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ‘ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ-ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।