
ਬਰਨਾਲਾ, 8 ਮਾਰਚ – ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ।
ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਜ਼ਿਲ੍ਹੇ ਦੀਆਂ ਸੈਂਕੜੇ ਔਰਤਾਂ ਨੇ ਬਜਟ ਦਾ ਸਿੱਧਾ ਪ੍ਰਸਾਰਨ ਐਲ.ਈ.ਡੀ ਸਕਰੀਨਾਂ ਉਤੇ ਦੇਖਿਆ। ਓਹਨਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਦੋਂ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਖਾਤਿਆਂ ਵਿਚ ਪਾਉਣ ਦਾ ਐਲਾਨ ਕੀਤਾ ਤਾਂ ਔਰਤਾਂ ਨੇ ਤਾੜੀਆਂ ਦੀ ਗੂੰਜ ਨਾਲ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਅਤੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਨੂੰ ਮੁੱਖ ਰੱਖਦਿਆਂ ਬਜਟ ਪੇਸ਼ ਕੀਤਾ ਗਿਆ ਹੈ। ਓਹਨਾਂ ਕਿਹਾ ਸਰਕਾਰ ਵਲੋਂ ਸਿਹਤ ਯੋਜਨਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਸਮੇਤ ਕਈ ਅਹਿਮ ਸਕੀਮਾਂ ਲਿਆਂਦੀਆਂ ਗਈਆਂ ਹਨ ਜੋ ਕਿ ਦੇਸ਼ ਭਰ ਵਿੱਚੋਂ ਨਿਵੇਕਲੀਆਂ ਭਲਾਈ ਸਕੀਮਾਂ ਹਨ ਜਿਸ ਨਾਲ ਸੂਬੇ ਵਿੱਚ ਵਿਕਾਸ ਨੂੰ ਹੋਰ ਰਫਤਾਰ ਮਿਲੇਗੀ।