
ਚੰਡੀਗੜ੍ਹ, 8 ਮਾਰਚ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਮੀ ਮਹਿਲਾ ਦਿਵਸ ਦੇ ਮੌਕੇ ‘ਤੇ ਕੀਤਾ ਗਿਆ ਇਹ ਐਲਾਨ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।
ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਯੋਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਅਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ।
ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਲਈ 600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਰੋਜ਼ਾਨਾ ਕੰਮ, ਸਿੱਖਿਆ ਅਤੇ ਹੋਰ ਜ਼ਰੂਰਤਾਂ ਲਈ ਆਵਾਜਾਈ ਕਰਨ ਵਾਲੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026–27 ਲਈ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6150 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਦੇ 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਨਵੀਂ ਦਿਸ਼ਾ ਯੋਜਨਾ ਤਹਿਤ ਲੋੜਵੰਦ ਮਹਿਲਾਵਾਂ ਨੂੰ ਸੈਨਟਰੀ ਪੈਡ ਮੁਹੱਈਆ ਕਰਵਾਉਣ ਲਈ 65 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ 360 ਕਰੋੜ ਰੁਪਏ, ਵੱਖ-ਵੱਖ ਸਕਾਲਰਸ਼ਿਪ ਪ੍ਰੋਗਰਾਮਾਂ ਲਈ 261 ਕਰੋੜ ਰੁਪਏ ਅਤੇ ਆਦਰਸ਼ ਗ੍ਰਾਮ ਯੋਜਨਾ ਤਹਿਤ 75 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਸਮਾਜ ਦੇ ਪਿੱਛੜੇ ਵਰਗਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ ਵਿੱਤੀ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਇਕ ਮਜ਼ਬੂਤ ਰੋਡਮੈਪ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ, ਬਜ਼ੁਰਗਾਂ, ਗਰੀਬਾਂ ਅਤੇ ਹੋਰ ਕਮਜ਼ੋਰ ਵਰਗਾਂ ਲਈ ਇੱਜ਼ਤ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਸਿਰਮੌਰ ਤਰਜੀਹ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਲੋਕ ਪੱਖੀ ਬਜਟ ਲੋਕਾਂ ਦੀ ਜ਼ਿੰਦਗੀ ਵਿੱਚ ਅਹਿਮ ਬਦਲਾਅ ਲਿਆਵੇਗਾ ਅਤੇ ਪੰਜਾਬ ਨੂੰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਵੱਲ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗਾ।