Thursday, March 12Malwa News
Shadow

ਪੀ.ਐਮ ਕਿਸਾਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਜ਼ਰੂਰੀ – ਡਾ. ਭੁਪਿੰਦਰ ਸਿੰਘ

ਤਰਨ ਤਾਰਨ, 12 ਮਾਰਚ (     ) – ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਨੇ ਸਟਾਫ ਮੀਟਿੰਗ ਦੌਰਾਨ ਵਿਭਾਗ ਵੱਲੋਂ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇਕ ਵਿਲੱਖਣ ‘ਕਿਸਾਨ ਆਈ.ਡੀ  ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨੀ ਸੌਖੀ ਹੋ ਜਾਵੇਗੀ।

ਡਾ ਯਾਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਾਰੇ ਕਿਸ਼ਾਨਾਂ ਲਈ ਕਿਸਾਨ ਰਜਿਸਟਰੀ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ, ਜਿਸ ਲਈ 5 ਫਰਵਰੀ ਤੋਂ 31 ਮਾਰਚ 2026 (ਅਤੇ ਅੱਗੇ ਵੀ) ਗ੍ਰਾਮ ਪੰਚਾਇਤ ਪੱਧਰ ‘ਤੇ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ। ਇਸ ਵਿਚ ਆਧਾਰ-ਲਿੰਕਡ ਜ਼ਮੀਨੀ ਰਿਕਾਰਡ ਰਾਹੀਂ 11 ਅੰਕਾਂ ਦੀ ਯੂਨੀਕ ਫਾਰਮਰ ਆਈ ਡੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਰਮਰ ਆਈ.ਡੀ  ਬਣਾਉਣਾ ਅਤੇ ਅਧਾਰ ਕੇ.ਵਾਈ.ਸੀ ਰਾਹੀਂ ਜ਼ਮੀਨ ਨੂੰ ਲਿੰਕ ਕਰਨਾ ਜ਼ਰੂਰੀ ਹੈ।ਆਈ ਡੀ ਬਣਾਉਣ ਲਈ  ਦਸਤਾਵੇਜ਼ ਆਧਾਰ ਕਾਰਡ (ਮੋਬਾਈਲ ਨੰਬਰ ਲਿੰਕ ਹੋਣਾ ਚਾਹੀਦਾ ਹੈ), ਜਮੀਨ ਦੀ ਫਰਦ/ਖਸਰਾ ਨੰਬਰ, ਬੈਂਕ ਖਾਤਾ ਅਤੇ ਪਾਸਪੋਰਟ ਸਾਈਜ਼ ਫੋਟੋ ਲੋੜੀਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ  ਗ੍ਰਾਮ ਪੰਚਾਇਤ ਘਰ ਗੋਇੰਦਵਾਲ ਸਾਹਿਬ ਵਿਖੇ ਮਿਤੀ 13 ਮਾਰਚ ਨੂੰ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦਾ ਫਾਇਦਾ ਪੀ.ਐਮ ਕਿਸਾਨ ਅਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਇਹ ਰਜਿਸਟਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ ।