
ਚੰਡੀਗੜ੍ਹ / ਜਲੰਧਰ, 20 ਮਾਰਚ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ।
ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ਤਾਂ ਜੋ ਪ੍ਰੋਜੈਕਟ ਦੀ ਉਸਾਰੀ ਰਸਮੀ ਤੌਰ ‘ਤੇ ਸ਼ੁਰੂ ਕੀਤੀ ਜਾ ਸਕੇ। ਇਹ ਕੇਂਦਰ ਸਿੱਖਿਆ ਅਤੇ ਅਧਿਆਤਮਿਕ ਖੋਜ ਲਈ ਇੱਕ ਵਿਆਪਕ ਹੱਬ ਵਜੋਂ ਤਿਆਰ ਕੀਤਾ ਜਾਵੇਗਾ। ਇਸ ਕੇਂਦਰ ਵਿੱਚ ਆਧੁਨਿਕ ਕਲਾਸਰੂਮਾਂ ਨਾਲ ਲੈਸ ਇੱਕ ਪ੍ਰਬੰਧਕੀ ਬਲਾਕ, ਇੱਕ ਸਮਰਪਿਤ ਲਾਇਬ੍ਰੇਰੀ ਅਤੇ ਵਿਸ਼ੇਸ਼ ਕੋਚਿੰਗ ਸਹੂਲਤਾਂ ਹੋਣਗੀਆਂ, ਜਿੱਥੇ 500 ਵਿਦਿਆਰਥੀ ਇੱਕੋ ਸਮੇਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰ ਸਕਣਗੇ। ਇਸ ਤੋਂ ਇਲਾਵਾ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨਾਲ ਸਬੰਧਤ ਸਮੱਗਰੀ ਅਤੇ ਵਸਤਾਂ ਦੀ ਪ੍ਰਦਰਸ਼ਨੀ ਲਈ ਇੱਕ ਵਿਸ਼ੇਸ਼ ‘ਗੁਰੂ ਰਵਿਦਾਸ ਬਾਣੀ ਇੰਟਰਪ੍ਰੀਟੇਸ਼ਨ ਹਾਲ’ ਵੀ ਬਣਾਇਆ ਜਾਵੇਗਾ।”
ਪ੍ਰੋਜੈਕਟ ਦੇ ਵਿਸ਼ਾਲ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਂਪਸ ਵਿੱਚ ਰਿਹਾਇਸ਼ੀ ਅਤੇ ਮਨੋਰੰਜਨ ਦੀਆਂ ਵੀ ਪੂਰੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਦੱਸਿਆ, “ਕੈਂਪਸ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਹੋਸਟਲ, ਅਧਿਆਪਕਾਂ ਲਈ ਰਿਹਾਇਸ਼ੀ ਕੁਆਰਟਰ, ਇੱਕ ਕੰਟੀਨ ਅਤੇ ਵਾਲੀਬਾਲ ਤੇ ਬਾਸਕਟਬਾਲ ਦੇ ਵਿਸ਼ੇਸ਼ ਮੈਦਾਨ ਵੀ ਸ਼ਾਮਲ ਹੋਣਗੇ।”
ਇਸ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਪ੍ਰੋਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ, “ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਸ਼ਵ ਪੱਧਰੀ ਸਟੱਡੀ ਸੈਂਟਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਵਿੱਤਰ ਬਾਣੀ ਨਾਲ ਜੋੜਨ ਅਤੇ ਇਸ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।”
ਵਿੱਤ ਮੰਤਰੀ ਦੇ ਨਾਲ ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਿੰਸੀਪਲ ਪ੍ਰੇਮ ਕੁਮਾਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।