Tuesday, March 31Malwa News
Shadow

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਆਪ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਪ ਦਾ ਯੂਥ ਵਿੰਗ ਚੱਲ ਰਹੀ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਾਏਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ, ਖਾਸ ਕਰਕੇ ਨੌਜਵਾਨਾਂ ਅਤੇ ਸਿੱਖਿਆ ਦੇ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਹੁਤ ਹੀ ਸ਼ਾਨਦਾਰ ਕੰਮ ਕੀਤੇ ਹਨ। ਯੂਥ ਵਿੰਗ ਪੂਰੇ ਪੰਜਾਬ ਵਿੱਚ ‘ਨੁੱਕੜ ਸਭਾਵਾਂ’ ਅਤੇ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਰੇਗਾ ਅਤੇ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਵੇਗਾ।

ਰੁਜ਼ਗਾਰ ‘ਤੇ ਸਰਕਾਰ ਦੇ ਧਿਆਨ ਬਾਰੇ ਚਾਨਣਾ ਪਾਉਂਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਯੂਥ ਵਿੰਗ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਬਾਰੇ ਦੱਸੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਕਰੀਬ 65,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਨੌਕਰੀਆਂ ਨੇ ਨਾ ਸਿਰਫ਼ ਵਿਅਕਤੀਆਂ ਨੂੰ ਸਹਾਰਾ ਦਿੱਤਾ ਹੈ ਬਲਕਿ ਹਜ਼ਾਰਾਂ ਪਰਿਵਾਰਾਂ ਨੂੰ ਸਥਿਰਤਾ ਅਤੇ ਉਮੀਦ ਵੀ ਪ੍ਰਦਾਨ ਕੀਤੀ ਹੈ।

ਉਨ੍ਹਾਂ ਨਿੱਜੀ ਖੇਤਰ ਵਿੱਚ ਮੌਕਿਆਂ ਦੇ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਅਤੇ ਵੱਡੇ ਉਦਯੋਗਿਕ ਪ੍ਰੋਜੈਕਟ ਲਿਆ ਕੇ ਪ੍ਰਾਈਵੇਟ ਸੈਕਟਰ ਵਿੱਚ ਪੰਜ ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੇ “ਨੌਜਵਾਨਾਂ ਵਿੱਚ ਮੁੜ ਵਿਸ਼ਵਾਸ ਜਗਾਇਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਰਹਿ ਕੇ ਹੀ ਸਿੱਖਿਆ ਅਤੇ ਕਰੀਅਰ ਬਣਾਉਣ ਲਈ ਉਤਸ਼ਾਹਿਤ ਕੀਤਾ ਹੈ।

ਸਿੱਖਿਆ ਸੁਧਾਰਾਂ ਬਾਰੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਆਧੁਨਿਕ ਬੁਨਿਆਦੀ ਢਾਂਚੇ ਅਤੇ ਨਵੀਨਤਮ ਅਧਿਆਪਨ ਵਿਧੀਆਂ ਨਾਲ ਇੱਕ ਵੱਡੀ ਤਬਦੀਲੀ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ ‘ਤੇ ਉੱਦਮੀ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਵਾਲੇ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ ਦੇ ਹੁਨਰ ਨਾਲ ਲੈਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਸਿੱਖਿਆ ਸਿਸਟਮ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਂਦੇ ਜਾ ਸਕਣ।

ਨਸ਼ਿਆਂ ਵਿਰੁੱਧ ਮੁਹਿੰਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ।ਮਾਨ ਸਰਕਾਰ ਨੇ ਆਪਣੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਸਖ਼ਤ ਕਾਰਵਾਈ ਕੀਤੀ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਇੱਕ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਖੇਡਾਂ ਦੇ ਵਿਕਾਸ ਲਈ ਸਰਕਾਰ ਦੇ ਯਤਨਾਂ ਬਾਰੇ ਵੀ ਦੱਸਿਆ ਕਿ ਪੂਰੇ ਪੰਜਾਬ ਵਿੱਚ ਖੇਡ ਮੈਦਾਨਾਂ, ਇੰਡੋਰ ਜਿੰਮਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਲੱਬਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਾਰਥਕ ਗਤੀਵਿਧੀਆਂ ਵਿੱਚ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਨਿਰਮਾਣ ਵੱਲ ਲਗਾਇਆ ਜਾ ਸਕੇ।

ਇਨ੍ਹਾਂ ਯਤਨਾਂ ਨੂੰ ਇੱਕ ਵਿਸ਼ਾਲ ਦ੍ਰਿਸ਼ਟੀਕੋਣ ਵਿੱਚ ਰੱਖਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਹ ਯਤਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਵਿਜ਼ਨ ਦੇ ਅਨੁਸਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇੱਕ ਬਿਹਤਰ ਅਤੇ ਬਰਾਬਰੀ ਵਾਲੇ ਸਮਾਜ ਦੇ ਸੁਪਨੇ ਨੂੰ ਪੂਰਾ ਕਰਨ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।

ਆਪ ਵਰਕਰਾਂ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਆਪ ਵਰਕਰ ਸਰਕਾਰ ਦੀ ਹਰ ਪ੍ਰਾਪਤੀ, ਚਾਹੇ ਉਹ ਮੁਫ਼ਤ ਬਿਜਲੀ ਹੋਵੇ, ਸੁਧਰੀ ਹੋਈ ਕਾਨੂੰਨ ਵਿਵਸਥਾ, ਸੜਕ ਸੁਰੱਖਿਆ ਫੋਰਸ ਜਾਂ ਵਿਕਾਸ ਦੀਆਂ ਪਹਿਲਕਦਮੀਆਂ, ਪੰਜਾਬ ਦੇ ਹਰ ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਯੂਥ ਵਿੰਗ ਇਹ ਯਕੀਨੀ ਬਣਾਏਗਾ ਕਿ ਮਾਨ ਸਰਕਾਰ ਦੇ ਇਤਿਹਾਸਕ ਕੰਮਾਂ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚੇ।