Thursday, April 2Malwa News
Shadow

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ ‘ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰੋਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਦੇ ਇਸ ਯਤਨ ਵਿੱਚ ਆਪਣਾ ਯੋਗਦਾਨ ਪਾਉਣ।

ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ। ਇਲਾਕਾ ਵਾਸੀਆਂ ਨੇ ਵੀ ਸਰਕਾਰ ‘ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।