Tuesday, April 7Malwa News
Shadow

ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ – ਮੁੱਖ ਮੰਤਰੀ

ਚੰਡੀਗੜ੍ਹ, 7 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਬੰਗਾਲ ਦੀ ਜਨਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਾ ਚਾਹੁੰਦੀ ਹੈ। ਇਸ ਲਈ ਬੰਗਾਲ ਵਿੱਚ ਚਾਰੇ ਪਾਸੇ ਭਾਜਪਾ ਦੀ ਲਹਿਰ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ਦੌਰਾਨ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੀ ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੇ ਪੱਖ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਭਾਜਪਾ ਉਮੀਦਵਾਰ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲਗਾਤਾਰ ਕਮਿਊਨਿਸਟ ਪਾਰਟੀ ਨੇ ਬੰਗਾਲ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਵੱਡੀ ਉਮੀਦ ਨਾਲ ਲੋਕਾਂ ਨੇ ਮਮਤਾ ਬਨਰਜੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਕਮਿਊਨਿਸਟਾਂ ਤੋਂ ਵੀ ਵੱਧ ਅੱਤਿਆਚਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਭਾਜਪਾ ਸਰਕਾਰ ਬਣਾਉਣੀ ਹੈ। ਬੰਗਾਲ ਵਿੱਚ ਨਾ ਰੁਜ਼ਗਾਰ ਹੈ, ਨਾ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. ‘ਤੇ ਵਿਕ ਰਹੀ ਹੈ ਅਤੇ ਨਾ ਹੀ ਉਚਿਤ ਮੁੱਲ ਦਿੱਤਾ ਜਾ ਰਿਹਾ ਹੈ। ਬੰਗਾਲ ਵਿੱਚ ਮਹਿਲਾ ਮੁੱਖ ਮੰਤਰੀ ਹੁੰਦੇ ਹੋਏ ਵੀ ਔਰਤਾਂ ਦੀ ਸੁਰੱਖਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਮਮਤਾ ਸਰਕਾਰ ਨੇ ਜਿਸ ਤਰ੍ਹਾਂ ਦਾ ਤਾਂਡਵ ਕੀਤਾ ਹੈ, ਉਸ ਤੋਂ ਜਨਤਾ ਅੱਕ ਚੁੱਕੀ ਹੈ।

ਮਮਤਾ ਸਰਕਾਰ ਨੇ ਸਮਾਜਿਕਆਰਥਿਕ ਸਭਿਆਚਾਰ ਨੂੰ ਠੇਸ ਪਹੁੰਚਾਉਣ ਦਾ ਕੀਤਾ ਕੰਮ

ਉਨ੍ਹਾਂ ਕਿਹਾ ਕਿ ਬੰਗਾਲ ਦੀ ਮਮਤਾ ਬਨਰਜੀ ਸਰਕਾਰ ਨੇ ਘੁਸਪੈਠੀਆਂ ਨੂੰ ਸੁਰੱਖਿਆ ਦੇਣ ਦਾ ਕੰਮ ਕੀਤਾ ਹੈ। ਇਸ ਨਾਲ ਸਾਡੇ ਆਰਥਿਕ, ਸੱਭਿਆਚਾਰਕ ਅਤੇ ਸਮਾਜਿਕ ਤਾਣੇ-ਬਾਣੇ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿੱਚ ਫਸੀ ਹੋਈ ਮਮਤਾ ਸਰਕਾਰ ਖ਼ੁਦ ਨੂੰ ਸਾਧਾਰਨ ਹੋਣ ਦਾ ਦਿਖਾਵਾ ਕਰਦੀ ਹੈ, ਪਰ ਉਨ੍ਹਾਂ ਦੀ ਸਰਕਾਰ ਵਿੱਚ ਵੱਡੇ-ਵੱਡੇ ਘੁਟਾਲੇ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਭਾਜਪਾ ਸਰਕਾਰ ਨੇ ਹੁਣ ਤੱਕ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਣ ਦਾ ਕੰਮ ਕੀਤਾ ਹੈ। ਭਾਜਪਾ ਦੀਆਂ ਨੀਤੀਆਂ ਨਾਲ ਗਰੀਬ ਵਿਅਕਤੀਆਂ ਦੇ ਜੀਵਨ ਵਿੱਚ ਤਬਦੀਲੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਲੋਕ-ਹਿੱਤੂ ਨੀਤੀਆਂ ਹਨ ਪਰ ਪੱਛਮੀ ਬੰਗਾਲ ਵਿੱਚ ਇੱਕ ਵੀ ਨੀਤੀ ਨੂੰ ਲਾਗੂ ਨਹੀਂ ਕੀਤਾ ਗਿਆ। ਆਯੁਸ਼ਮਾਨ ਭਾਰਤ, ਕਿਸਾਨ ਸਨਮਾਨ ਨਿਧੀ ਵਰਗੀਆਂ ਯੋਜਨਾਵਾਂ ਸਿਆਸੀ ਦਵੈਸ਼ ਕਾਰਨ ਬੰਗਾਲ ਵਿੱਚ ਲਾਗੂ ਨਹੀਂ ਕੀਤੀਆਂ ਗਈਆਂ। ਇਸ ਦਾ ਨਤੀਜਾ ਹੈ ਕਿ ਬੰਗਾਲ ਵਿੱਚ ਗਰੀਬੀ ਹੋਰ ਵਧਦੀ ਜਾ ਰਹੀ ਹੈ। ਜਿਸ ਕਾਰਨ ਬੰਗਾਲ ਦੇ ਲੋਕ ਮਮਤਾ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।

ਰੋਡ ਸ਼ੋਅ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼

ਮੁੱਖ ਮੰਤਰੀ ਨੇ ਕਿਹਾ ਕਿ ਰੋਡ ਸ਼ੋਅ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਜੋਸ਼ ਦੇਖਣਯੋਗ ਹੈ। ਇੱਥੋਂ ਦੇ ਲੋਕ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬੰਗਾਲ ਦਾ ਵਿਕਾਸ ਚਾਹੁੰਦੇ ਹਨ। ਬੰਗਾਲ ਤੋਂ ਉਦਯੋਗਾਂ ਦਾ ਪਲਾਇਨ ਹੋ ਗਿਆ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਵੀ ਰੁਜ਼ਗਾਰ ਲਈ ਦੂਜੀਆਂ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਬੰਗਾਲ ਦਾ ਨੌਜਵਾਨ ਸਰਕਾਰ ਤੋਂ ਦੁਖੀ ਹੈ ਅਤੇ ਬੰਗਾਲ ਵਿੱਚ ਡਰ ਅਤੇ ਭ੍ਰਿਸ਼ਟਾਚਾਰ ਸਿਖਰਾਂ ‘ਤੇ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੇਸ਼ ਵਿੱਚ ਗਰੀਬ ਪਰਿਵਾਰਾਂ ਦੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ। ਦੇਸ਼ ਦੇ 80 ਕਰੋੜ ਲੋਕਾਂ ਨੂੰ ਭਾਜਪਾ ਸਰਕਾਰ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ‘ਵਿਕਸਿਤ ਭਾਰਤ, ਵਿਕਸਿਤ ਬੰਗਾਲ’ ਦੇ ਉਦੇਸ਼ ਨਾਲ ਜਨਤਾ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਵਿਸ਼ਵਾਸ ਅਤੇ ਸਨਮਾਨ ਚਾਹੁੰਦੇ ਹਨ ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਹੈ। ਬੰਗਾਲ ਦੀ ਜਨਤਾ ਨੇ ਵਿਕਸਿਤ ਭਾਰਤ ਅਤੇ ਵਿਕਸਿਤ ਬੰਗਾਲ ਬਣਾਉਣ ਦਾ ਸੰਕਲਪ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਗਰੀਬ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ, ਲਾਡਲੀ ਸੁਰੱਖਿਆ ਯੋਜਨਾ ਵਿੱਚ 2100 ਰੁਪਏ ਦੀ ਰਾਸ਼ੀ ਅਤੇ ਗਰੀਬ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਅਤੇ ਆਯੁਸ਼ਮਾਨ ਭਾਰਤ ਯੋਜਨਾ ਵਿੱਚ 27 ਲੱਖ ਲੋਕਾਂ ਨੇ ਸਿਹਤ ਲਾਭ ਲਿਆ ਹੈ। ਆਯੁਸ਼ਮਾਨ ਭਾਰਤ ਯੋਜਨਾ ਵਿੱਚ ਹੁਣ ਤੱਕ 4000 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਦੀਆਂ ਸਾਰੀਆਂ ਯੋਜਨਾਵਾਂ ਭਾਜਪਾ ਦੀ ਸਰਕਾਰ ਬਣਦੇ ਹੀ ਬੰਗਾਲ ਦੀ ਜਨਤਾ ਦੇ ਕਲਿਆਣ ਲਈ ਲਾਗੂ ਕੀਤੀਆਂ ਜਾਣਗੀਆਂ। ਸ੍ਰੀਰਾਮਪੁਰ ਪਹੁੰਚਣ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।