Thursday, April 9Malwa News
Shadow

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ

ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ।

ਉਨ੍ਹਾਂ ਮੌਕੇ ‘ਤੇ ਮੌਜੂਦ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕੀਟ ਕਮੇਟੀ ਰੂਪਨਗਰ ਨੂੰ ਹੁਕਮ ਜਾਰੀ ਕੀਤੇ ਕਿ ਕਣਕ ਨੂੰ ਸਿਰਫ਼ ਸਰਕਾਰੀ ਮਾਪਦੰਡਾਂ ਅਨੁਸਾਰ ਨਮੀ ਦੀ ਜਾਂਚ ਤੋਂ ਬਾਅਦ ਹੀ ਮੰਡੀ ਵਿੱਚ ਢੇਰੀ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰੂਪਨਗਰ ਮੰਡੀ ਵਿੱਚ 60 ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ, ਤਾਂ ਜੋ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਰਕਮ ਬਿਨਾਂ ਦੇਰੀ ਪ੍ਰਾਪਤ ਹੋ ਸਕੇ।