
ਚੰਡੀਗੜ੍ਹ, 11 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ।
ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 406ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 18 ਕਿਲੋ ਗਾਂਜਾ, 1486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 406 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,290 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।