
ਚੰਡੀਗੜ੍ਹ, 8 ਮਈ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਨੇ ਆਗਾਮੀ ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਅੱਜ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਬੀਜ ਪੈਕਿੰਗ ਲਈ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਬੈਗ ਖਰੀਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਫੈਸਲਾ ਬੀਜ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਬੀਜ ਵਿਕਾਸ ਨਿਗਮ ਲਈ ਹਾਈ ਡੈਂਸਿਟੀ ਪੋਲੀਥੀਨ (HDPE) ਬੈਗ ਅਤੇ ਜੂਟ ਦੇ ਬੈਗਾਂ ਦੀ ਖਰੀਦ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਬੈਗਾਂ ਦੀ ਅਗਰਿਮ ਖਰੀਦ ਦਾ ਮੁੱਖ ਉਦੇਸ਼ ਬੀਜ ਪ੍ਰੋਸੈਸਿੰਗ ਦੇ ਕੰਮ ਨੂੰ ਸਮੇਂ ਸਿਰ ਪੂਰਾ ਕਰਨਾ ਹੈ, ਤਾਂ ਜੋ ਕਿਸੇ ਕਿਸਮ ਦੀ ਦੇਰੀ ਨਾ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ਪ੍ਰੋਸੈਸਿੰਗ ਅਤੇ ਪੈਕਿੰਗ ਦਾ ਕੰਮ ਪੂਰਾ ਹੋਣ ਤੋਂ ਬਾਅਦ ਪ੍ਰਦੇਸ਼ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਪ੍ਰਮਾਣਿਤ ਬੀਜ ਰਿਆਇਤੀ ਦਰਾਂ ‘ਤੇ ਬਿਜਾਈ ਤੋਂ ਪਹਿਲਾਂ ਹੀ ਉਪਲਬਧ ਕਰਵਾ ਦਿੱਤੇ ਜਾਣਗੇ। ਇਸ ਨਾਲ ਕਿਸਾਨਾਂ ਨੂੰ ਬਿਹਤਰ ਉਤਪਾਦਨ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ।
ਸ਼੍ਰੀ ਰਾਣਾ ਨੇ ਦੱਸਿਆ ਕਿ ਅੱਜ ਲਏ ਗਏ ਫੈਸਲਿਆਂ ਨਾਲ ਹਰਿਆਣਾ ਬੀਜ ਵਿਕਾਸ ਨਿਗਮ ਦੀਆਂ ਹਿਸਾਰ, ਸਿਰਸਾ, ਟੋਹਾਨਾ, ਯਮੁਨਾਨਗਰ, ਪਟੌਦੀ ਅਤੇ ਉਮਰੀ ਸਥਿਤ ਇਕਾਈਆਂ ਵਿੱਚ ਸਮੇਂ ਸਿਰ ਬੀਜ ਪ੍ਰੋਸੈਸਿੰਗ ਅਤੇ ਪੈਕਿੰਗ ਦਾ ਕੰਮ ਯਕੀਨੀ ਬਣਾਇਆ ਜਾ ਸਕੇਗਾ। ਇਨ੍ਹਾਂ ਇਕਾਈਆਂ ਵਿੱਚ ਕੰਮ ਦੇ ਸੁਚਾਰੂ ਪ੍ਰਬੰਧ ਨਾਲ ਰਾਜ ਦੀ ਬੀਜ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਉਨ੍ਹਾਂ ਦੁਹਰਾਇਆ ਕਿ ਰਾਜ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਗੁਣਵੱਤਾ ਭਰਪੂਰ ਖੇਤੀਬਾੜੀ ਸਰੋਤ ਉਪਲਬਧ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕੇ।