Saturday, June 6Malwa News
Shadow

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ

ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ।

ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ  ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਡੀ.ਐਸ.ਪੀ ਸਿਟੀ ਸੁਖਬੀਰ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਭੁਪਿੰਦਰ ਸਿੰਘ ਖੇੜਾ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਲਡੀ, ਯਾਦਵਿੰਦਰ ਸਿੰਘ ਯਾਦੂ,  ਕਰਨੈਲ ਸਿੰਘ, ਜਰਨੈਲ ਸਿੰਘ, ਸਰਬਜਿੰਦਰ ਸਿੰਘ ਭਰੋਵਾਲ, ਅੰਜੂ ਵਰਮਾ, ਗੁਰਨਾਮ ਸਿੰਘ ਜੌਹਲ ਰਾਜੂ ਸਿੰਘ ਵਾਲਾ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।