
ਚੰਡੀਗੜ੍ਹ, 10 ਜੂਨ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੀਆਂ ਖ਼ਰੀਫ਼ ਦੀਆਂ ਫ਼ਸਲਾਂ ਲਈ ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਦ ਦੇ ਲੋੜੀਂਦੇ ਸਟਾਕ ਅਤੇ ਵੰਡ ਦੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਈਨਾਂ ਵਿੱਚ ਨਾ ਲੱਗਣਾ ਪਵੇ ਅਤੇ ਨਾ ਹੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।
ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹੈਫੇਡ ਅਤੇ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਖਾਦ ਵਿਕਰੇਤਾ ਤੇ ਉਤਪਾਦਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਤੋਂ ਮੌਜੂਦਾ ਸਮੇਂ ਵਿੱਚ ਖਾਦ ਦੇ ਸਟਾਕ ਦੀ ਅਸਲ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਲਈ। ਉਨ੍ਹਾਂ ਨੇ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਖਾਦ ਦੀ ਸੰਭਾਵਿਤ ਮੰਗ, ਆਮਦ ਅਤੇ ਸਪਲਾਈ ਚੇਨ ਨੂੰ ਲੈ ਕੇ ਅਧਿਕਾਰੀਆਂ ਅਤੇ ਕੰਪਨੀਆਂ ਤੋਂ ਮਹੱਤਵਪੂਰਨ ਸੁਝਾਅ ਵੀ ਮੰਗੇ।
ਸ੍ਰੀ ਸ਼ਿਆਮ ਸਿੰਘ ਰਾਣਾ ਨੇ ਨਿਰਦੇਸ਼ ਦਿੱਤੇ ਕਿ ਪਿਛਲੇ ਸਾਲ ਦੇ ਸਫ਼ਲ ਅਤੇ ਪਾਰਦਰਸ਼ੀ ਤਜ਼ਰਬੇ ਨੂੰ ਦੇਖਦੇ ਹੋਏ ਇਸ ਵਾਰ ਵੀ ਖਾਦ ਦੀ ਵੰਡ ‘ਮੇਰੀ ਫ਼ਸਲ-ਮੇਰਾ ਬਿਓਰਾ’ ਪੋਰਟਲ ‘ਤੇ ਅਧਾਰਤ ਹੋਣੀ ਚਾਹੀਦੀ ਹੈ। ਕਿਸਾਨਾਂ ਨੇ ਪੋਰਟਲ ‘ਤੇ ਜੋ ਫ਼ਸਲ ਅਪਲੋਡ ਕੀਤੀ ਹੈ, ਉਸੇ ਦੇ ਏਰੀਏ ਅਨੁਸਾਰ ਉਨ੍ਹਾਂ ਨੂੰ ਖਾਦ ਮੁਹੱਈਆ ਕਰਵਾਈ ਜਾਵੇ, ਜਿਸ ਨਾਲ ਅਸਲ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਖਾਦ ਮਿਲ ਸਕੇ।
ਕਿਸਾਨਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਖਾਦ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਭਾਗ ਦੇ ਅਧਿਕਾਰੀ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਨਿਯਮਤ ਜਾਂਚ ਕਰਨ। ਜੇਕਰ ਕੋਈ ਵੀ ਦੁਕਾਨਦਾਰ ਜਾਂ ਡੀਲਰ ਇਸ ਮਾਮਲੇ ਵਿੱਚ ਦੋਸ਼ੀ ਜਾਂ ਲਿਪਤ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਤੁਰੰਤ ਪ੍ਰਭਾਵ ਤੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨੇ ਆਪਣੇ ਨਿੱਜੀ ਅਤੇ ਲੰਮੇ ਸਮੇਂ ਦੇ ਖੇਤੀ ਤਜ਼ਰਬਿਆਂ ਨੂੰ ਸਾਂਝਾ ਕਰਦੇ ਹੋਏ ਅਧਿਕਾਰੀਆਂ ਨੂੰ ਇੱਕ ਆਧੁਨਿਕ ਪਹੁੰਚ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰਵਾਇਤੀ ਤਰੀਕੇ ਦੀ ਥਾਂ ਜੇਕਰ ਕਿਸਾਨ ਫ਼ਸਲਾਂ ਵਿੱਚ ਫੁਹਾਰਾ ਸਿੰਚਾਈ ਪ੍ਰਣਾਲੀ ਅਪਣਾਉਣ ਅਤੇ ਖਾਦ ਨੂੰ ਪਾਣੀ ਵਿੱਚ ਮਿਲਾ ਕੇ ਸਿੱਧਾ ਪੌਦਿਆਂ ਦੀਆਂ ਜੜ੍ਹਾਂ ਤੱਕ ਪਹੁੰਚਾਉਣ, ਤਾਂ ਇਸ ਦੇ ਦੋਹਰੇ ਲਾਭ ਹੋਣਗੇ। ਇਸ ਨਾਲ ਨਾ ਸਿਰਫ਼ ਕੀਮਤੀ ਪਾਣੀ ਦੀ ਭਾਰੀ ਬੱਚਤ ਹੋਵੇਗੀ, ਸਗੋਂ ਖਾਦ ਦੀ ਸਹੀ ਅਤੇ ਸੰਤੁਲਿਤ ਮਾਤਰਾ ਸਿੱਧੀ ਪੌਦਿਆਂ ਨੂੰ ਮਿਲੇਗੀ, ਜਿਸ ਨਾਲ ਫ਼ਸਲ ਦੀ ਗੁਣਵੱਤਾ ਅਤੇ ਪੈਦਾਵਾਰ ਦੋਵਾਂ ਵਿੱਚ ਸੁਧਾਰ ਹੋਵੇਗਾ।
ਮੀਟਿੰਗ ਵਿੱਚ ਮੌਜੂਦ ਖਾਦ ਉਤਪਾਦਕ ਅਤੇ ਵਿਕਰੇਤਾ ਕੰਪਨੀਆਂ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਨੂੰ ਰਾਜ ਵਿੱਚ ਖਾਦ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ। ਕੰਪਨੀਆਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਵੇ ਸਰਕਾਰ ਦੀਆਂ ਨੀਤੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨਗੇ ਅਤੇ ਸਮੇਂ ਸਿਰ ਖਾਦ ਦਾ ਸਟਾਕ ਜ਼ਿਲ੍ਹਾ ਪੱਧਰ ‘ਤੇ ਯਕੀਨੀ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ।
ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਾਰਾਇਣ ਕੌਸ਼ਿਕ, ਹੈਫੇਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਨੀਸ਼ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਅਤੇ ਤਕਨੀਕੀ ਅਧਿਕਾਰੀ ਮੌਜ਼ੂਦ ਸਨ।