
ਜਲਾਲਾਬਾਦ/ਫਾਜ਼ਿਲਕਾ 11 ਜੂਨ – ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਲਾਲਾਬਾਦ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਜਾਗਰੂਕਤਾ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ। ਈ ਰਿਕਸ਼ਿਆਂ ’ਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਾਣਕਾਰੀ ਜਾਂ ਨਾਮ ਲਿਖ ਕੇ ਪਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਨਸ਼ਾ ਵਿਰੋਧੀ ਕਮੇਟੀਆਂ ਬਣੀਆਂ ਹਨ ਉੱਥੇ ਉਹ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ਅਤੇ ਨਸ਼ੇ ਦੇ ਕੋੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਇਸ ਮੌਕੇ ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਬਰਾੜ, ਥਾਣਾ ਸਿਟੀ ਜਲਾਲਾਬਾਦ ਦੇ ਐਸਐਚਓ ਸਚਿਨ ਕੁਮਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ।