Thursday, June 11Malwa News
Shadow

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।
                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।
                  ਤਿੜਕੇ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਮਾਪਦੰਡਾਂ ਅਤੇ ਤਕਨੀਕੀ ਵਿਸ਼ੇਸ਼ਤਾਵਾਂ ਅਨੁਸਾਰ ਕਰਵਾਏ ਜਾਣ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਹਰ ਪ੍ਰੋਜੈਕਟ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਚਾਹੀਦਾ ਹੈ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ।
                  ਮੀਟਿੰਗ ਵਿੱਚ ਸਹਾਇਕ ਖੋਜ ਅਫ਼ਸਰ ਗੁਰਵਿੰਦਰ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਬੀ.ਡੀ.ਪੀ.ਓ ਬਬਲਜੀਤ ਕੌਰ, ਐਕਸ਼ੀਅਨ (ਪੀ.ਐਸ.ਪੀ.ਸੀ.ਐਲ) ਇੰਜੀ ਹਰਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ