Saturday, September 19Malwa News
Shadow

ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ, 20 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਰਾਤਰੀ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮਾਹਿਲਪੁਰ-ਜੇਜੋਂ ਰੋਡ ਅਤੇ ਗੜ੍ਹਸ਼ੰਕਰ-ਨੰਗਲ ਰੋਡ ‘ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
       ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 11 ਵਾਹਨਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ, ਨਿਰਧਾਰਤ ਮਾਪਦੰਡਾਂ ਤੋਂ ਵੱਧ ਸਾਮਾਨ ਲਿਜਾਣ ਵਾਲੇ ਅਤੇ ਮੋਟਰ ਵਾਹਨ ਐਕਟ ਦੇ ਹੋਰ ਪ੍ਰਬੰਧਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
        ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਸੜਕ ਹਾਦਸਿਆਂ ਨੂੰ ਰੋਕਣਾ ਵੀ ਹੈ। ਓਵਰਲੋਡਿੰਗ ਅਤੇ ਨਿਯਮਾਂ ਦੀ ਉਲੰਘਣਾ ਨਾ ਸਿਰਫ਼ ਵਾਹਨ ਚਾਲਕਾਂ ਲਈ, ਬਲਕਿ ਹੋਰ ਰਾਹਗੀਰਾਂ ਲਈ ਵੀ ਖ਼ਤਰਾ ਪੈਦਾ ਕਰਦੀ ਹੈ।
       ਆਰਟੀਓ ਨੇ ਜ਼ਿਲ੍ਹੇ ਦੇ ਸਾਰੇ ਟਰਾਂਸਪੋਰਟਰਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਵਾਹਨਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਭਾਰ ਨਾ ਲਾਦਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਸੜਕ ਸੁਰੱਖਿਆ ਨੂੰ ਉਤਸ਼ਾਹ ਮਿਲਦਾ ਹੈ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।